ਵੈੱਬਸਾਈਟ ’ਤੇ ਪੋਲਿੰਗ ਬੂਥਾਂ ਅਨੁਸਾਰ ਅੰਕੜੇ ਅਪਲੋਡ ਕਰਨ ਲਈ ਗੱਲਬਾਤ ਲਈ ਤਿਆਰ: ਚੋਣ ਕਮਿਸ਼ਨ
ਨਵੀਂ ਦਿੱਲੀ, 18 ਮਾਰਚ
Ready for talks on publishing polling booth-wise voter data on website: EC to SC: ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੀ ਵੈਬਸਾਈਟ ’ਤੇ ਪੋਲਿੰਗ ਬੂਥ ਅਨੁਸਾਰ ਅੰਕੜੇ ਪ੍ਰਕਾਸ਼ਤ ਕਰਨ ਦੇ ਮਾਮਲੇ ’ਤੇ ਸੁਣਵਾਈ ਕੀਤੀ। ਇਸ ਸਬੰਧੀ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਜਿਸ ਵਿਚ ਕਿਹਾ ਗਿਆ ਸੀ ਕਿ ਭਾਰਤੀ ਚੋਣ ਕਮਿਸ਼ਨ ਆਪਣੀ ਵੈੱਬਸਾਈਟ ’ਤੇ ਪੋਲਿੰਗ ਬੂਥ-ਵਾਰ ਵੋਟਰ ਸੂਚੀ ਅਪਲੋਡ ਕਰੇ। ਇਸ ’ਤੇ ਸਰਵਉਚ ਅਦਾਲਤ ਨੇ ਪਟੀਸ਼ਨਕਰਤਾਵਾਂ ਨੂੰ ਕਿਹਾ ਕਿ ਉਹ 10 ਦਿਨਾਂ ਅੰਦਰ ਪੋਲ ਪੈਨਲ ਦੇ ਸਾਹਮਣੇ ਪੇਸ਼ ਹੋਣ ਤੇ ਇਸ ਸਬੰਧੀ ਗੱਲਬਾਤ ਕਰਨ।
ਚੀਫ ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ ਟੀਐਮਸੀ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਅਤੇ ਐਨਜੀਓ ਐਸੋਸੀਏਸ਼ਨ ਫਾਰ ਡੈਮੋਕ੍ਰੈਟਿਕ ਰਿਫਾਰਮਜ਼ ਵੱਲੋਂ ਦਾਇਰ ਦੋ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਕੀਤੀ। ਇਨ੍ਹਾਂ ਜਨਹਿੱਤ ਪਟੀਸ਼ਨਾਂ ਜ਼ਰੀਏ ਚੋਣ ਪੈਨਲ ਨੂੰ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਵਿੱਚ ਵੋਟਿੰਗ ਮੁਕੰਮਲ ਹੋਣ ਦੇ 48 ਘੰਟਿਆਂ ਦੇ ਅੰਦਰ ਪੋਲਿੰਗ ਸਟੇਸ਼ਨ-ਵਾਈਜ਼ ਵੋਟਰ ਮਤਦਾਨ ਡੇਟਾ ਆਪਣੀ ਵੈੱਬਸਾਈਟ ’ਤੇ ਅਪਲੋਡ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ। ਚੋਣ ਪੈਨਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਇਸ ਸ਼ਿਕਾਇਤ ’ਤੇ ਚਰਚਾ ਕਰਨਾ ਚਾਹੁੰਦੇ ਹਨ ਤੇ ਨਵਾਂ ਮੁੱਖ ਚੋਣ ਕਮਿਸ਼ਨਰ ਆਉਣ ਕਰ ਕੇ ਪਟੀਸ਼ਨਕਰਤਾ ਉਨ੍ਹਾਂ ਨੂੰ ਮਿਲ ਸਕਦੇ ਹਨ ਤਾਂ ਕਿ ਇਸ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।