Punjab News: ਬਾਗ਼ੀ ਅਕਾਲੀਆਂ ਵੱਲੋਂ ਜਥੇਦਾਰ ਨਾਲ ਮੁਲਾਕਾਤ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਦਸੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ’ ਨੂੰ ਭੰਗ ਕਰਨ ਤੋਂ ਬਾਅਦ ਬਾਗੀ ਅਕਾਲੀਆਂ ਦੇ ਧੜੇ ਨੇ ਅੱਜ ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਅਕਾਲੀ ਦਲ ਦੀ ਮਜ਼ਬੂਤੀ ਅਤੇ ਏਕਤਾ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਬਾਗੀ ਧੜੇ ਨੇ 9 ਦਸੰਬਰ ਨੂੰ ‘ਤਨਖਾਹ’ ਪੂਰੀ ਹੋਣ ਤੋਂ ਬਾਅਦ ਆਪਣੀ ਜਥੇਬੰਦੀ ਨੂੰ ਅਧਿਕਾਰਤ ਤੌਰ ’ਤੇ ਭੰਗ ਕਰ ਦਿੱਤਾ ਸੀ। ਜਥੇਦਾਰ ਨੂੰ ਮਿਲਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਾਬਕਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸਾਰਿਆਂ ਨੇ ਅਕਾਲ ਤਖ਼ਤ ਤੋਂ 2 ਦਸੰਬਰ ਨੂੰ ਸੁਣਾਏ ਫੈਸਲੇ ਲਈ ਜਥੇਦਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸਾਰੇ ਚਾਹੁੰਦੇ ਹਨ ਕਿ ਬਾਕੀ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਪੰਥਕ ਏਕਤਾ ਲਈ ਇਸ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਗਈ ਕਮੇਟੀ ਜਲਦੀ ਹੀ ਆਪਣਾ ਕੰਮ ਸ਼ੁਰੂ ਕਰ ਦੇਵੇਗੀ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸੱਤ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ, ਜਿਸ ਦੀ ਨਿਗਰਾਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਵੀ ਭਰਤੀ ਅਤੇ ਚੋਣ ਦੀ ਪ੍ਰਕਿਰਿਆ ਪੂਰੀ ਹੋਵੇਗੀ। ਸ੍ਰੀ ਵਡਾਲਾ ਵੀ ਕਮੇਟੀ ਦੇ ਮੈਂਬਰਾਂ ਵਿੱਚੋਂ ਇੱਕ ਹਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮਤਭੇਦਾਂ ਨੂੰ ਪਾਸੇ ਰੱਖ ਕੇ ਅਕਾਲੀ ਦਲ ਦੀ ਮਜ਼ਬੂਤੀ ਲਈ ਸਮੂਹ ਪੰਥ ਹਿਤੇਸ਼ੀ ਜਥੇਬੰਦੀਆਂ ਵੱਲੋਂ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ।