ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਹਾਈ ਕੋਰਟਾਂ ਦੇ ਮੁੱਖ ਜੱਜਾਂ ਦੀ ਨਿਯੁਕਤੀ ਲਈ ਸਿਫ਼ਾਰਸ਼
ਨਵੀਂ ਦਿੱਲੀ, 12 ਜੁਲਾਈ
ਸੁਪਰੀਮ ਕੋਰਟ ਕੌਲਿਜੀਅਮ ਨੇ ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਲੱਦਾਖ਼, ਕੇਰਲ, ਮੱਧ ਪ੍ਰਦੇਸ਼, ਮਦਰਾਸ ਅਤੇ ਮੇਘਾਲਿਆ ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਦੀ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਕੌਲਿਜੀਅਮ ਨੇ ਵੱਖ ਵੱਖ ਹਾਈ ਕੋਰਟਾਂ ਦੇ ਜੱਜਾਂ ਦੀ ਸੀਨੀਆਰਤਾ ਅਤੇ ਕਾਰਗੁਜ਼ਾਰੀ ਨੂੰ ਵਿਚਾਰਨ ਮਗਰੋਂ ਉਨ੍ਹਾਂ ਦੇ ਨਾਮ ਦੀ ਸਿਫ਼ਾਰਸ਼ ਕੀਤੀ ਹੈ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਨੂੰ ਅਦਾਲਤ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਕੌਲਿਜੀਅਮ ਨੇ ਜਸਟਿਸ ਰਾਜੀਵ ਸ਼ਕਧਰ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਕ ਵੱਖਰੇ ਮਤੇ ਰਾਹੀਂ ਕੌਲਿਜੀਅਮ ਨੇ ਜੰਮੂ-ਕਸ਼ਮੀਰ ਤੇ ਲੱਦਾਖ਼ ਹਾਈ ਕੋਰਟ ਦੇ ਚੀਫ਼ ਜਸਟਿਸ ਨੌਂਗਮੇਇਕਾਪਮ ਕੋਟੀਸਵਰ ਸਿੰਘ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਕੌਲਿਜੀਅਮ ਨੇ ਕਿਹਾ ਕਿ ਦਿੱਲੀ ਹਾਈ ਕੋਰਟ ਦੇ ਸੀਨੀਅਰ ਜੱਜ ਸੁਰੇਸ਼ ਕੁਮਾਰ ਕਾਇਤ ਨੂੰ ਜੰਮੂ-ਕਸ਼ਮੀਰ ਤੇ ਲੱਦਾਖ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਜਾ ਸਕਦਾ ਹੈ। -ਪੀਟੀਆਈ