ਪਾਣੀ ਦੀ ਬੱਚਤ ਲਈ ਖੇਤਾਂ ’ਚ ਕਿਆਰੇ ਬਣਾਉਣ ਦੀ ਸਿਫਾਰਿਸ਼
ਖੇਤਰੀ ਪ੍ਰਤੀਨਿਧ
ਪਟਿਆਲਾ, 24 ਨਵੰਬਰ
ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ ਕਣਕ ਦੀ ਬਿਜਾਈ ਤੇਜ਼ੀ ਨਾਲ ਹੋ ਰਹੀ ਹੈ ਤੇ ਕਿਸਾਨਾਂ ਵੱਲੋਂ ਜਲਦੀ ਹੀ ਕਣਕ ਨੂੰ ਪਹਿਲਾ ਪਾਣੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਵਿੱਚ ਪਾਣੀ ਦੀ ਸੁਚੱਜੀ ਵਰਤੋਂ ਲਈ ਕਿਸਾਨ ਜ਼ਮੀਨ ਦੀ ਕਿਸਮ ਅਨੁਸਾਰ ਜੇਕਰ ਕਿਆਰੇ ਬਣਾਉਂਦੇ ਹਨ ਤਾਂ ਇਸ ਨਾਲ ਪਾਣੀ ਦੀ ਵੀ ਬੱਚਤ ਹੁੰਦੀ ਹੈ ਤੇ ਫ਼ਸਲ ਵੀ ਚੰਗੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਭਾਰੀ ਜ਼ਮੀਨਾਂ ਵਿੱਚ ਪ੍ਰਤੀ ਏਕੜ 8 ਕਿਆਰੇ ਅਤੇ ਰੇਤਲੀਆਂ ਜ਼ਮੀਨਾਂ ਵਿੱਚ ਪ੍ਰਤੀ ਏਕੜ 16 ਕਿਆਰੇ ਬਣਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ। ਇਸ ਤਰੀਕੇ ਨਾਲ ਬਣਾਏ ਗਏ ਕਿਆਰਿਆਂ ਵਿੱਚ ਲੋੜ ਮੁਤਾਬਕ ਕਣਕ ਨੂੰ ਹਲਕਾ ਪਾਣੀ ਲੱਗਦਾ ਹੈ। ਅਕਤੂਬਰ ਮਹੀਨੇ ਬੀਜੀ ਕਣਕ ਨੂੰ ਤਿੰਨ ਹਫ਼ਤੇ ਬਾਅਦ ਅਤੇ ਇਸ ਤੋਂ ਬਾਅਦ ਬੀਜੀ ਕਣਕ ਨੂੰ ਚਾਰ ਹਫ਼ਤੇ ਬਾਅਦ ਪਾਣੀ ਦੇਣਾ ਚਾਹੀਦਾ ਹੈ। ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ’ਤੇ ਹੀ ਕਰਨੀ ਚਾਹੀਦੀ ਹੈ। ਕਿਸਾਨਾਂ ਨੂੰ ਅਪੀਲ ਕਰਦਿਆਂ, ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਮਾਹਰਾਂ ਦੀ ਕਿਸੇ ਵੀ ਤਰ੍ਹਾਂ ਦੀ ਰਾਏ ਲੈਣ ਲਈ ਕਿਸਾਨ ਆਪਣੇ ਖੇਤਰ ਦੇ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫੇਰ ਪਟਿਆਲਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।