ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 6 ਫਰਵਰੀਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੀਤੇ ਸਾਲ 2024 ਦੌਰਾਨ ਲਗਭਗ 34 ਲੱਖ 25 ਹਜ਼ਾਰ ਤੋਂ ਵੱਧ ਯਾਤਰੂਆਂ ਦੀ ਆਵਾਜਾਈ ਦਰਜ ਕੀਤੀ ਗਈ ਹੈ। ਇਹ ਖੁਲਾਸਾ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨਾਂ ਦੀ ਜਥੇਬੰਦੀ ਵੱਲੋਂ ਕੀਤਾ ਗਿਆ ਹੈ।ਜਥੇਬੰਦੀ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਦਸੰਬਰ 2024 ਮਹੀਨੇ ਵਿੱਚ ਸਭ ਤੋਂ ਵੱਧ ਯਾਤਰੀਆਂ ਦੀ ਆਵਾਜਾਈ ਦਰਜ ਹੋਈ ਹੈ। ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਮੁਤਾਬਕ ਦਸੰਬਰ 2024 ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਲਗਭਗ 3 ਲੱਖ 40 ਹਜ਼ਾਰ ਤੋਂ ਵੱਧ ਯਾਤਰੀਆਂ ਦੀ ਆਵਾਜਾਈ ਦਰਜ ਕੀਤੀ ਗਈ ਹੈ ਜਿਸ ਵਿੱਚ 2 ਲੱਖ 29 ਘਰੇਲੂ ਯਾਤਰੂ ਅਤੇ ਇਕ ਲੱਖ 11 ਹਜ਼ਾਰ ਅੰਤਰਰਾਸ਼ਟਰੀ ਯਾਤਰੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ ਇਸ ਹਵਾਈ ਅੱਡੇ ’ਤੇ ਲਗਭਗ 34 ਲੱਖ 25 ਹਜ਼ਾਰ 657 ਯਾਤਰੀਆਂ ਦੀ ਆਵਾਜਾਈ ਦਰਜ ਕੀਤੀ ਗਈ ਹੈ ਜਦੋਂ ਕਿ ਪਿਛਲੇ ਵਰੇ 2023 ਵਿੱਚ ਇਸ ਹਵਾਈ ਅੱਡੇ ’ਤੇ ਲਗਭਗ 29 ਲੱਖ 44 ਯਾਤਰੀਆਂ ਦੀ ਆਵਾਜਾਈ ਦਰਜ ਹੋਈ ਸੀ। ਬੀਤੇ ਸਾਲ ਵਿੱਚ ਲਗਭਗ 23 ਲੱਖ ਤੋਂ ਵਧੇਰੇ ਘਰੇਲੂ ਅਤੇ 11 ਲੱਖ ਤੋਂ ਵਧੇਰੇ ਅੰਤਰਾਸ਼ਟਰੀ ਯਾਤਰੀਆਂ ਨੇ ਇਸ ਹਵਾਈ ਅੱਡੇ ਤੋਂ ਸਫਰ ਕੀਤਾ ਹੈ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਵਧ ਰਹੀ ਗਿਣਤੀ ਦਾ ਵੱਡਾ ਕਾਰਨ ਇਹੀ ਹੈ ਕਿ ਪੰਜਾਬੀ ਦਿੱਲੀ ਹਵਾਈ ਅੱਡੇ ਰਾਹੀਂ ਹਵਾਈ ਸਫਰ ਕਰਨ ਦੀ ਥਾਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਵਧ ਰਹੀ ਆਵਾਜਾਈ ਨੂੰ ਦੇਖਦੇ ਹੋਏ ਹਵਾਈ ਅੱਡੇ ਦੇ ਟਰਮੀਨਲ ਦਾ ਤੁਰੰਤ ਵਿਸਥਾਰ ਕਰਨ ਦੀ ਲੋੜ ਹੈ, ਇੱਥੇ ਪਾਰਕਿੰਗ ਅਤੇ ਹੋਰ ਯਾਤਰੂ ਸਹੂਲਤਾਂ ਵਿੱਚ ਵੀ ਸੁਧਾਰ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਇਥੋਂ ਵੱਖ ਵੱਖ ਸ਼ਹਿਰਾਂ ਵਾਸਤੇ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਪਰ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਇਸ ਮੰਗ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਵਾਈ ਆਵਾਜਾਈ ਵਧਣ ਨਾਲ ਹਵਾਈ ਅੱਡੇ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਦਸ ਅੰਤਰਰਾਸ਼ਟਰੀ ਉਡਾਨਾਂ ਅਤੇ 12 ਘਰੇਲੂ ਹਵਾਈ ਉਡਾਨਾਂ ਚੱਲ ਰਹੀਆਂ ਹਨ। ਅੰਤਰਰਾਸ਼ਟਰੀ ਹਵਾਈ ਉਡਾਨਾਂ ਲੰਡਨ, ਬਰਮਿੰਘਮ ਮਿਲਾਨ, ਰੋਮ, ਦੁਬਈ, ਸ਼ਾਰਜਾਹ, ਦੋਹਾ, ਸਿੰਗਾਪੁਰ, ਕੁਆਲੰਮਪੁਰ, ਬੈਂਕਾਕ ਸਮੇਤ ਹੋਰ ਮੁਲਕਾਂ ਵਿੱਚ ਆ ਜਾ ਰਹੀਆਂ ਹਨ।