For the best experience, open
https://m.punjabitribuneonline.com
on your mobile browser.
Advertisement

ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਭਰਤੀ ਛੇਤੀ: ਭਗਵੰਤ ਮਾਨ

06:52 AM Dec 04, 2024 IST
ਸਿਹਤ  ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਭਰਤੀ ਛੇਤੀ  ਭਗਵੰਤ ਮਾਨ
ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ। -ਫੋਟੋ: ਰਾਜੇਸ਼ ਸੱਚਰ
Advertisement

ਸਰਬਜੀਤ ਸਿੰਘ ਭੰਗੂ/ਗੁੁਰਨਾਮ ਸਿੰਘ ਅਕੀਦਾ
ਪਟਿਆਲਾ, 3 ਦਸੰਬਰ
ਇਥੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਤੇ ਜਲਦੀ ਹੀ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ 50,000 ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕੀ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਵਿਅਕਤੀ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਮੁੱਖ ਮੰਤਰੀ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁਹਾਲੀ, ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿੱਚ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ। ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ। ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖ਼ਿਆਵਾਂ ਲਈ ਸਿਖਲਾਈ ਦੇਣ ਲਈ ਹਾਈਟੈੱਕ ਸੈਂਟਰ ਖੋਲ੍ਹੇ ਜਾ ਰਹੇ ਹਨ। ਇਹ ਕੇਂਦਰ ਨੌਜਵਾਨਾਂ ਨੂੰ ਯੂਪੀਐੱਸਸੀ ਦੀ ਪ੍ਰੀਖ਼ਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਭਰ ਵਿੱਚ ਅਹਿਮ ਅਹੁਦਿਆਂ ’ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਮੁੱਖ ਮੰਤਰੀ ਨੇ ਵਿਰੋਧੀਆਂ ’ਤੇ ਵੀ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ, ‘‘ਸੁਖਬੀਰ ਬਾਦਲ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦਾ ਹੈ। ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਕੈਪਟਨ ਅਮਰਿੰਦਰ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤਾਂ ਦੇ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ।’’ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਿਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖੁਦ ਨੂੰ ਜੋੜ ਸਕਦੇ ਹਨ।
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਚੇਤਨ ਜੌੜਾਮਾਜਰਾ, ਅਜੀਤਪਾਲ ਕੋਹਲੀ, ਗੁਰਲਾਲ ਘਨੌਰ, ਦੇਵ ਮਾਨ, ਕੁਲਵੰਤ ਬਾਜੀਗਰ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ, ਬਲਤੇਜ ਪੰਨੂ ਆਦਿ ਵੀ ਮੌਜੂਦ ਸਨ।

Advertisement

ਮੁੱਖ ਮੰਤਰੀ ਨੂੰ ਘੇਰਨ ਲਈ ਜੰਗਲਾਤ ਕਾਮੇ ਥਾਪਰ ’ਵਰਸਿਟੀ ਪੁੱਜੇ

ਸੰਘਰਸ਼ਕਾਰੀ ਕਾਮਿਆਂ ਨਾਲ ਧੱਕਾ-ਮੁੱਕੀ ਕਰਦੀ ਹੋਈ ਪੁਲੀਸ।

ਮੁੱਖ ਮੰਤਰੀ ਭਗਵੰਤ ਮਾਨ ਦੇ ਪਟਿਆਲਾ ਦੌਰੇ ਦੌਰਾਨ ਜੰਗਲਾਤ ਕਾਮਿਆਂ ਨੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਮੁੱਖ ਮੰਤਰੀ ਥਾਪਰ ਡੀਮਡ ਯੂਨੀਵਰਸਿਟੀ ਵਿੱਚ ਪਹੁੰਚੇ ਤਾਂ ਜੰਗਲਾਤ ਕਾਮਿਆਂ ਨੇ ਧਾਵਾ ਬੋਲ ਦਿੱਤਾ ਅਤੇ ‘ਪੁਰਾਣੀ ਪੈਨਸ਼ਨ ਬਹਾਲ ਕਰੋ, ਕੱਚੇ ਕਾਮਿਆਂ ਨੂੰ ਪੱਕਾ ਕਰੋ, ਰੁਕੀਆਂ ਤਨਖ਼ਾਹਾਂ ਬਹਾਲ ਕਰੋ’ ਦੇ ਜ਼ੋਰਦਾਰ ਨਾਅਰੇ ਲਾਏ। ਇਸ ਦੌਰਾਨ ਪੁਲੀਸ ਨੇ ਕਾਮਿਆਂ ਨੂੰ ਰੋਕਣ ਲਈ ਧੱਕਾ-ਮੁੱਕੀ ਵੀ ਕੀਤੀ। ਇਸ ਧੱਕਾ-ਮੁੱਕੀ ਦੌਰਾਨ ਕੁਝ ਕਾਮਿਆਂ ਦੀਆਂ ਪੱਗਾਂ ਵੀ ਲੱਥ ਗਈਆਂ। ਜੰਗਲਾਤ ਕਾਮੇ ਯੂਨੀਵਰਸਿਟੀ ਅੰਦਰ ਜਾਣ ਲਈ ਪੂਰੀ ਵਾਹ ਲਗਾ ਰਹੇ ਸਨ ਪਰ ਪੁਲੀਸ ਨੇ ਬਲ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਰੋਕ ਲਿਆ। ਜੰਗਲਾਤ ਕਾਮਿਆਂ ਦੇ ਆਗੂ ਜਗਮੋਹਨ ਨੌਲੱਖਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਮਿਲ ਕੇ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ ਪਰ ਪੁਲੀਸ ਪ੍ਰਸ਼ਾਸਨ ਵੱਲੋਂ ਭਾਰੀ ਫੋਰਸ ਲਗਾ ਕੇ ਚੌਕ ’ਚ ਹੀ ਉਨ੍ਹਾਂ ਨੂੰ ਰੋਕ ਲਿਆ ਗਿਆ। ਜਦੋਂ ਕੋਈ ਵੀ ਅਧਿਕਾਰੀ ਮੰਗ ਪੱਤਰ ਹਾਸਲ ਕਰਨ ਲਈ ਨਾ ਪਹੁੰਚਿਆਂ ਤਾਂ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜੰਗਲਾਤ ਵਰਕਰ ਆਪਣੀਆਂ ਮੰਗਾਂ ਡੇਲੀਵੇਜਿਜ਼ ਕਾਮਿਆਂ ਨੂੰ ਰੈਗੂਲਰ ਕਰਨਾ, ਬਰਾਬਰ-ਕੰਮ ਤੇ ਬਰਾਬਰ ਤਨਖ਼ਾਹ ਦਾ ਫ਼ੈਸਲਾ ਲਾਗੂ ਕਰਵਾਉਣਾ, 15/06/2023 ਨੂੰ ਨੋਟੀਫ਼ਿਕੇਸ਼ਨ ’ਚ ਲਗਾਈਆਂ ਸ਼ਰਤਾਂ, ਯੋਗਤਾ ਆਦਿ ਦਾ ਵਿਰੋਧ ਕੀਤਾ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ, ਠੇਕੇਦਾਰੀ ਸਿਸਟਮ ਬੰਦ ਕਰਨਾ ਆਦਿ ਮੰਗਾਂ ਸਬੰਧੀ ਪੱਤਰ ਪੰਜਾਬ ਸਰਕਾਰ ਨੂੰ ਸੌਂਪਣਾ ਚਾਹੁੰਦੇ ਸਨ।

Advertisement

Advertisement
Author Image

joginder kumar

View all posts

Advertisement