‘ਰੈੱਡ ਲਾਈਟ ਆਨ, ਗੱਡੀ ਆਫ’ ਮੁਹਿੰਮ ਸ਼ੁਰੂ
ਨਵੀਂ ਦਿੱਲੀ, 21 ਅਕਤੂਬਰ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਘਟਾਉਣ ਲਈ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਦੀ ਸ਼ੁਰੂਆਤ ਕੀਤੀ। ਦਿੱਲੀ ਦੇ ਆਈਟੀਓ ਚੌਕ ਤੋਂ ਸ਼ੁਰੂ ਕੀਤੀ ਇਸ ਮੁਹਿੰਮ ’ਚ ਵਾਲੰਟੀਅਰਾਂ ਨੇ ਹੱਥਾਂ ਵਿੱਚ ‘ਪ੍ਰਦੂਸ਼ਣ ਵਿਰੁੱਧ ਜੰਗ’ ਜਿਹੇ ਸੁਨਹਿਆਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਦੌਰਾਨ ਉਨ੍ਹਾਂ ਰਾਹਗੀਰਾਂ ਨੂੰ ਲਾਲ ਬੱਤੀ ਦੌਰਾਨ ਆਪਣੇ ਵਾਹਨ ਬੰਦ ਕਰਨ ਦੀ ਅਪੀਲ ਕੀਤੀ।
ਜਾਣਕਾਰੀ ਅਨੁਸਾਰ ਮੁਹਿੰਮ ਦੇ ਆਗਾਜ਼ ਮੌਕੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਆਟੋ ਚਾਲਕਾਂ ਨੂੰ ਗੁਲਾਬ ਦੇ ਫੁੱਲ ਵੀ ਵੰਡੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੋਪਾਲ ਰਾਏ ਨੇ ਸ਼ਹਿਰ ਵਿੱਚ ਵਧ ਰਹੇ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟਾਈ ਅਤੇ ਠੰਢ ਦੇ ਮੌਸਮ ਵਿੱਚ ਪ੍ਰਦੂਸ਼ਣ ਘਟਾਉਣ ’ਤੇ ਜ਼ੋਰ ਦਿੱਤਾ। ਵਾਤਾਵਰਨ ਮੰਤਰੀ ਨੇ ਕਿਹਾ, ‘‘ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ ਅਤੇ ਇਹ ਮੰਦਭਾਗਾ ਹੈ ਕਿ ਦਿੱਲੀ ਦੇ ਲੋਕਾਂ ਨੂੰ ਨਾ ਸਿਰਫ਼ ਸ਼ਹਿਰ ਦੇ ਅੰਦਰ ਸਗੋਂ ਗੁਆਂਢੀ ਰਾਜਾਂ ਤੋਂ ਵੀ ਪ੍ਰਦੂਸ਼ਣ ਦੀ ਮਾਰ ਪੈ ਰਹੀ ਹੈ। ਸਰਦੀਆਂ ਨੇੜੇ ਆਉਣ ਨਾਲ ਪ੍ਰਦੂਸ਼ਣ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਹੈ।’’
ਉਨ੍ਹਾਂ ਕਿਹਾ ਕਿ ਦਿੱਲੀ ਨੇ ਵਾਹਨਾਂ ਅਤੇ ਧੂੜ ਪ੍ਰਦੂਸ਼ਣ ਨੂੰ ਘਟਾਉਣ ਲਈ ਕਈ ਅਹਿਮ ਕਦਮ ਚੁੱਕੇ ਹਨ ਅਤੇ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਰਗੇ ਗੁਆਂਢੀ ਸੂਬਿਆਂ ਨੂੰ ਹੋਰ ਯਤਨਾਂ ਦੀ ਲੋੜ ਹੈ। ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਸ਼ਹਿਰ ਵਿੱਚ ਧੂੜ ਵਿਰੋਧੀ ਮੁਹਿੰਮ ਵੀ ਚਲਾ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਸਰਕਾਰ ਨੇ ਵਾਹਨਾਂ ਦਾ ਪ੍ਰਦੂਸ਼ਣ ਘਟਾਉਣ ਲਈ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲਾਲ ਬੱਤੀ ਦੌਰਾਨ ਆਪਣੇ ਵਾਹਨਾਂ ਦਾ ਇੰਜਣ ਬੰਦ ਰੱਖਣ। ਇਸ ਨਾਲ ਕਿਸੇ ਹੱਦ ਤੱਕ ਵਾਹਨਾਂ ਦੇ ਪ੍ਰਦੂਸ਼ਣ ਨੂੰ ਘਟਾਇਆ ਜਾ ਸਕਦਾ ਹੈ।
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਕਮੀ ਆਈ: ਗੋਪਾਲ ਰਾਏ
ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਦੋ ਸਾਲ ਪਹਿਲਾਂ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ, ਉੱਥੇ ਹੀ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਅਜਿਹੀਆਂ ਘਟਨਾਵਾਂ ’ਚ ਵਾਧਾ ਹੋਇਆ ਹੈ। ਰਾਏ ਨੇ ਕਿਹਾ, ‘‘ਮੈਂ ਉੱਤਰ ਪ੍ਰਦੇਸ਼ ਅਤੇ ਹਰਿਆਣਾ ਦੀਆਂ ਭਾਜਪਾ ਦੀ ਅਗਵਾਈ ਵਾਲੀ ਸਰਕਾਰਾਂ ਨੂੰ ਪ੍ਰਦੂਸ਼ਣ ’ਤੇ ਕਾਬੂ ਪਾਉਣ ਅਤੇ ਪਰਾਲੀ ਸਾੜਨ ਨੂੰ ਘੱਟ ਕਰਨ ਲਈ ਆਪਣੇ ਯਤਨ ਤੇਜ਼ ਕਰਨ ਦੀ ਅਪੀਲ ਕਰਦਾ ਹਾਂ’’।
ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਹੋਰ ਨਿੱਘਰੀ
ਨਵੀਂ ਦਿੱਲੀ (ਪੱਤਰ ਪ੍ਰੇਰਕ):
ਕੌਮੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਅੱਜ ਸ਼ਹਿਰ ਦੇ ਕਈ ਖੇਤਰਾਂ ਨੂੰ ਧੂੰਏਂ ਦੀ ਪਰਤ ਨੇ ਘੇਰ ਲਿਆ ਤੇ ਇਸ ਦੌਰਾਨ ਏਕਿਊਆਈ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਪੁੱਜ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਸਵੇਰੇ 9 ਵਜੇ 307 ’ਤੇ ਰਿਹਾ ਅਤੇ ਆਨੰਦ ਵਿਹਾਰ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਏਕਿਊਆਈ 361 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 20.4 ਡਿਗਰੀ ਸੈਲਸੀਅਸ ਰਿਹਾ ਜੋ ਕਿ ਸੀਜ਼ਨ ਵਿੱਚ ਔਸਤ ਤੋਂ ਦੋ ਡਿਗਰੀ ਵੱਧ ਹੈ। ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਸੈਲਸੀਅਸ ਸੀ।