‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਲਈ ਰਜਿਸਟ੍ਰੇਸ਼ਨ ਸ਼ੁਰੂ
ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਦਸੰਬਰ
ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੱਖਣੀ ਦਿੱਲੀ ਦੇ ਕਿਦਵਈ ਨਗਰ ਵਿੱਚ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਕਰਵਾਈ। ਮੁੱਖ ਮੰਤਰੀ ਆਤਿਸ਼ੀ ਦੇ ਨਾਲ ਪਹੁੰਚੇ ਸ੍ਰੀ ਕੇਜਰੀਵਾਲ ਨੇ ਆਪਣੇ ਵਿਧਾਨ ਸਭਾ ਖੇਤਰ ਨਵੀਂ ਦਿੱਲੀ ਅਧੀਨ ਆਉਂਦੀ ਇਸ ਕਲੋਨੀ ਵਿੱਚ ਔਰਤਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਕਰਵਾਈ ਗਈ। ਇਸ ਦੌਰਾਨ ਕੇਜਰੀਵਾਲ ਨੇ ਔਰਤਾਂ ਨਾਲ ਇਸ ਸਕੀਮ ਸਬੰਧੀ ਗੱਲਬਾਤ ਵੀ ਕੀਤੀ। ਇਸ ਦੌਰਾਨ ਔਰਤਾਂ ਖੁਸ਼ੀ ਦੇ ਰੌਂਅ ’ਚ ਸਨ, ਉਨ੍ਹਾਂ ਆਸ ਪ੍ਰਗਟਾਈ ਕਿ ਰਜਿਸਟ੍ਰੇਸ਼ਨ ਕਰਵਾਉਣ ਮਗਰੋਂ ਪੈਸੇ ਵੀ ਆ ਜਾਣਗੇ। ਪ੍ਰਾਪਤ ਜਾਣਕਾਰੀ ਜੋ ਔਰਤਾਂ ਟੈਕਸ ਨਹੀਂ ਭਰਦੀਆਂ, ਜਿਨ੍ਹਾਂ ਮਹਿਲਾਵਾਂ ਨੂੰ ਕਿਸੇ ਸਰਕਾਰੀ ਸਕੀਮ ਤਹਿਤ ਪੈਨਸ਼ਨ ਨਹੀਂ ਮਿਲ ਰਹੀ ਉਹ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ। ਦੱਸਣਯੋਗ ਹੈ ਕਿ ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਔਰਤ ਦੀ ਉਮਰ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ, ਦਿੱਲੀ ਦਾ ਵੋਟਰ ਆਈਡੀ ਕਾਰਡ ਅਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਸਰਕਾਰੀ ਮੁਲਾਜ਼ਮਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ‘ਆਪ’ ਸੁਪਰੀਮੋ ਨੇ ਰਜਿਸਟ੍ਰੇਸ਼ਨ ਲਈ ਲੋੜੀਂਦੇ ਵਨ-ਟਾਈਮ ਪਾਸਵਰਡ (ਓਟੀਪੀ) ਬਣਾਉਣ ਵਿੱਚ ਔਰਤਾਂ ਦੀ ਮਦਦ ਕੀਤੀ ਅਤੇ ਫਿਰ ਉਨ੍ਹਾਂ ਦੇ ਰਜਿਸਟ੍ਰੇਸ਼ਨ ਕਾਰਡ ਸੌਂਪੇ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਵੀ ਕੇਜਰੀਵਾਲ ਦੇ ਨਾਲ ਮੌਜੂਦ ਸਨ। ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਐਤਵਾਰ ਨੂੰ ਕਿਹਾ ਸੀ ਕਿ ਔਰਤਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ ਹੈ, ‘‘ਸਾਡੇ ਵਾਲੰਟੀਅਰ ਤੁਹਾਡੇ ਘਰ ਆਉਣਗੇ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰਾ ਕਰਨਗੇ।’’ 2024-25 ਦੇ ਆਪਣੇ ਬਜਟ ਵਿੱਚ ਦਿੱਲੀ ਸਰਕਾਰ ਨੇ ਸਾਰੀਆਂ ਬਾਲਗ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੇਣ ਦੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਯੋਜਨਾ ਤਹਿਤ ਇਹ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ।