ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ’ਚ ਧਾਰਮਿਕ ਸਮਾਗਮ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 13 ਅਕਤੂਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦਾ ਦਿਹਾੜਾ ਮਨਾਇਆ ਗਿਆ। ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਭਾਈ ਬਲਜਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਵੱਲੋਂ ਦਿੱਤੀ ਸ਼ਹਾਦਤ ਬਾਰੇ ਜਾਣੂ ਕਰਵਾਇਆ। ਭਾਈ ਜੁਝਾਰ ਸਿੰਘ ਹਜ਼ੂਰੀ ਰਾਗ਼ੀ ਸ੍ਰੀ ਦਰਬਾਰ ਸਾਹਿਬ ਨੇ ਸੰਗਤ ਨੂੰ ਇਲਾਹੀ ਬਾਣੀ ਸੁਣਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਵਿੰਦਰ ਸਿੰਘ ਜਵੱਦੀ ਟਕਸਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸੀ।
ਇਸ ਮੌਕੇ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸਰਬ ਸਾਂਝੀ ਮਾਤਾ ਸੁੰਦਰ ਕੌਰ ਸੁਸਾਇਟੀ ਦੀਆਂ ਬੀਬੀਆਂ, ਬੀਬੀ ਪਲਵਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਕੀਤੀਆਂ। ਵੱਡੀ ਗਿਣਤੀ ਵਿੱਚ ਸੰਗਤ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।