ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
ਪੱਤਰ ਪ੍ਰੇਰਕ
ਫਗਵਾੜਾ, 17 ਸਤੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਚੌੜਾ ਖੂਹ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਜ਼ੂਰੀ ਰਾਗੀ ਭਾਈ ਵਿਕਰਮਜੀਤ ਸਿੰਘ ਦਰਬਾਰ ਸਾਹਿਬ, ਭਾਈ ਇਕਬਾਲ ਸਿੰਘ, ਭਾਈ ਗੁਰਜੰਟ ਸਿੰਘ, ਭਾਈ ਸ਼ਮਸ਼ੇਰ ਸਿੰਘ ਫਗਵਾੜਾ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੁਸਾਇਟੀ ਆਗੂਆਂ ’ਚ ਗੁਰਮੀਤ ਸਿੰਘ ਰਾਵਲਪਿੰਡੀ, ਸੁਰਿੰਦਰ ਸਿੰਘ ਛਾਬੜਾ, ਤਜਿੰਦਰ ਸਿੰਘ ਬਾਵਾ, ਹਰਵਿੰਦਰ ਸਿੰਘ ਪਿੰਦੀ, ਹਰਜੀਤ ਸਿੰਘ ਜੀਤਾ ਸਮੇਤ ਸੰਗਤਾਂ ਸ਼ਾਮਲ ਸਨ।
ਸ਼ਾਹਕੋਟ (ਪੱਤਰ ਪ੍ਰੇਰਕ): ਮਾਤਾ ਸਾਹਿਬ ਕੌਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਢੰਡੋਵਾਲ ਵਿਚ ਸੰਸਥਾਵਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਚੱਠਾ ਦੀ ਅਗਵਾਈ ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਮਨਜਿੰਦਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਰੇਖਾ ਰਾਣੀ ਨੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।