ਰਾਮਗੜ੍ਹੀਆ ਭਵਨ ’ਚ ਧਾਰਮਿਕ ਸਮਾਗਮ
ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਅਕਤੂਬਰ
ਇਥੋਂ ਦੇ ਰਾਮਗੜ੍ਹੀਆ ਭਵਨ ਜੀਟੀ ਰੋਡ ਭੱਟੀਆ ਵਿੱਚ ਬਾਬਾ ਵਿਸ਼ਵਕਰਮਾ ਸਭਾ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਮਗਰੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਦੌਰਾਨ ਹੈੱਡ ਗ੍ਰੰਥੀ ਭਾਈ ਕਰਨੈਲ ਸਿੰਘ ਕੰਵਲ ਨੇ ਬਾਰਾਮਾਹ ਦੀ ਕਥਾ ਤੋਂ ਇਲਾਵਾ ਭਾਈ ਗੁਰਭੇਜ ਸਿੰਘ ਅਤੇ ਭਾਈ ਕਰਨੈਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਸਭਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੌਂਦ, ਹਰਜੀਤ ਸਿੰਘ ਸੋਹਲ ਅਤੇ ਪਰਮਜੀਤ ਸਿੰਘ ਪੰਮੀ ਨੇ ਸੰਗਤ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਵਿੱਚ ਹੀ ਸਿੱਖ ਧਰਮ ਨਾਲ ਜੋੜਿਆ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਆਪਣੇ ਗੌਰਵਮਈ ਇਤਿਹਾਸਕ ਵਿਰਸੇ ਦੀ ਸੰਭਾਲ ਕਰ ਸਕਣ। ਸਭਾ ਦੇ ਚੇਅਰਮੈਨ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਰਾਮਗੜ੍ਹੀਆ ਕਮਿਊਨਿਟੀ ਸੈਂਟਰ ਦੇ ਨਿਰਮਾਣ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੇਂ ਸਮੇਂ ’ਤੇ ਸੰਗਤ ਦੇ ਸਹਿਯੋਗ ਨਾਲ ਭਵਿੱਖ ਦੀਆਂ ਯੋਜਨਾਵਾਂ ਨੂੰ ਨੇਪਰੇ ਚਾੜਿਆ ਜਾ ਰਿਹਾ ਹੈ। ਅੰਤ ਵਿਚ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਬਲਦੇਵ ਸਿੰਘ ਮਠਾੜੂ, ਗੁਰਨਾਮ ਸਿੰਘ ਭਮਰਾ, ਚਰਨਜੀਤ ਸਿੰਘ ਪਨੇਸਰ ਤੇ ਵਰਿੰਦਰ ਸਿੰਘ ਦਹੇਲੇ ਹਾਜ਼ਰ ਸਨ।