For the best experience, open
https://m.punjabitribuneonline.com
on your mobile browser.
Advertisement

ਗਣਤੰਤਰ ਦਿਵਸ: ਕੈਬਨਿਟ ਮੰਤਰੀਆਂ ਨੇ ਲਹਿਰਾਏ ਤਿਰੰਗੇ

10:49 AM Jan 28, 2024 IST
ਗਣਤੰਤਰ ਦਿਵਸ  ਕੈਬਨਿਟ ਮੰਤਰੀਆਂ ਨੇ ਲਹਿਰਾਏ ਤਿਰੰਗੇ
ਬਠਿੰਡਾ ਵਿੱਚ ਪਰੇਡ ਦਾ ਨਿਰੀਖਣ ਕਰਦੇ ਹੋਏ ਹਰਭਜਨ ਸਿੰਘ ਈਟੀਓ। -ਪਵਨ ਸ਼ਰਮਾ
Advertisement

ਸ਼ਗਨ ਕਟਾਰੀਆ
ਬਠਿੰਡਾ, 27 ਜਨਵਰੀ
‘ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ। ਸਰਦਾਰ ਕਰਤਾਰ ਸਿੰਘ ਸਰਾਭਾ, ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸਰਦਾਰ ਊਧਮ ਸਿੰਘ ਸੁਨਾਮ, ਸ਼ਹੀਦ ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ ਤੇ ਲਾਲਾ ਲਾਜਪਤ ਰਾਏ ਵਰਗੇ ਬਹਾਦਰ ਸੂਰਮਿਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ’। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਪੁਲੀਸ ਵੱਲੋਂ ਕੀਤੀ ਪਰੇਡ ਦਾ ਨਿਰੀਖ਼ਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਐਨਸੀਸੀ ਕੈਡੇਟ, ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਪੁਲੀਸ ਤੇ ਆਰਮੀ ਦੇ ਬੈਂਡਾਂ ਦੀ ਟੁਕੜੀ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀਟੀ ਸ਼ੋਅ, ਗਿੱਧਾ, ਭੰਗੜਾ ਆਦਿ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇਥੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸਐੱਸਪੀ ਵਿਵੇਕਸੀਲ ਸੋਨੀ, ਡੀਆਈਜੀ ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਅਤੇ ਸੈਸਨ ਜੱਜ ਅਤੁਲ ਕਸਾਨਾ, ਡਾ.ਅਮਨਦੀਪ ਕੌਰ ਅਰੋੜਾ,ਦਵਿੰਦਰਜੀਤ ਸਿੰਘ ਲਾਡੀ ਢੋਸ,ਮਨਜੀਤ ਸਿੰਘ ਬਿਲਾਸਪੁਰ ਤੇ ਅਮ੍ਰਿੰਤਪਾਲ ਸਿੰਘ ਸੁਖਾਨੰਦ ਸਾਰੇ ਵਿਧਾਇਕ ਸਾਬਕਾ ਮੰਤਰੀ ਮਾਲਤੀ ਥਾਪਰ ਤੇ ਹਰਮਨਜੀਤ ਸਿੰਘ ਬਰਾੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਆਦਿ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਦੌਰਾਨ ਪ੍ਰਸ਼ਾਸਨ ਤੇ ਹੋਰ ਮੋਹਤਬਰਾਂ ਦੇ ਬੈਠਣ ਲਈ ਕੁਰਸੀਆਂ ਦੇ ਪ੍ਰਬੰਧ ਸਨ, ਪਰ ਕੜਾਕੇ ਦੀ ਠੰਢ ਵਿਚ ਸਕੂਲੀ ਬੱਚੇ ਅਨਾਜ ਮੰਡੀ ਦੇ ਪੱਕੇ ਫਰਸ਼ ’ਤੇ ਬੈਠੇ ਰਹੇ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ| ਇਸ ਮੌਕੇ ਵਿਦਾਇਕ ਜਗਦੀਪ ਸਿੰਘ ਕਾਕਾ ਬਰਾੜ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜ ਕੁਮਾਰ ਤੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਦਿ ਹਾਜ਼ਰ ਸਨ|

ਫਾਜ਼ਿਲਕਾ (ਪਰਮਜੀਤ ਸਿੰਘ): ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਤਿਰੰਗਾ ਲਹਿਰਾਇਆ। ਉਨ੍ਹਾਂ ਪਰੇਡ ਤੋਂ ਸਲਾਮੀ ਲਈ ਅਤੇ ਸ਼ਾਨਦਾਰ ਮਾਰਚ ਪਾਸਟ ਦਾ ਮੁਆਇਨਾ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਡਾ. ਬਲਜੀਤ ਕੌਰ ਨੇ ਸ਼ਹੀਦਾਂ ਦੀ ਸਮਾਧ ਆਸਫ਼ ਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਬੂਟਾ ਵੀ ਲਗਾਇਆ ਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਦਾ ਸੰਦੇਸ਼ ਵੀ ਦਿੱਤਾ।
ਮਾਨਸਾ (ਜੋਗਿੰਦਰ ਸਿੰਘ ਮਾਨ): ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਨੇ ਸਿੱਖਿਆ ਵਿਕਾਸ ਮੰਚ ਮਾਨਸਾ ਦਾ ਵਿਸ਼ੇਸ਼ ਸਨਮਾਨ ਕੀਤਾ। ਮੰਚ ਚੇਅਰਮੈਨ ਡਾ. ਸੰਦੀਪ ਘੰਡ ਤੇ ਪ੍ਰਧਾਨ ਹਰਦੀਪ ਸਿੱਧੂ ਨੇ ਦੱਸਿਆ ਕਿ ਮੰਚ ਵੱਲੋਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਲਈ ਮਾਨਸਾ ਜ਼ਿਲ੍ਹੇ ਦੇ ਨੰਨ੍ਹੇ ਖਿਡਾਰੀਆਂ ਲਈ ਟਰੈਕ ਸੂਟ, ਬੂਟ ਅਤੇ ਲੋੜੀਂਦਾ ਖੇਡ ਸਾਮਾਨ ਦਿੱਤਾ ਗਿਆ ਹੈ।

Advertisement

ਕਟਾਰੂਚੱਕ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦਾ ਸਨਮਾਨ

ਆਜ਼ਾਦੀ ਗੁਲਾਟੀਆਂ ਦੇ ਵਾਰਸਾਂ ਦਾ ਸਨਮਾਨ ਕਰਨ ਮੌਕੇ ਲਾਲ ਚੰਦ ਕਟਾਰੂਚੱਕ ਤੇ ਹੋਰ।

ਫ਼ਰੀਦਕੋਟ (ਜਸਵੰਤ ਜੱਸ): ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਲਾਲ ਚੰਦ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਇਸ ਸੰਘਰਸ਼ ਦੌਰਾਨ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਰਿਹਾ। ਸਮਾਗਮ ਵਿੱਚ ਮੰਤਰੀ ਲਾਲ ਚੰਦ ਨੇ ਉਨ੍ਹਾਂ 5 ਸੈਨਿਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ ਪਾਕਿਸਤਾਨ, ਚੀਨ ਅਤੇ ਸ੍ਰੀ ਲੰਕਾ ਯੁੱਧ ਦੌਰਾਨ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਇਸ ਮੌਕੇ ਜਿਥੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਉਥੇ ਹੀ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਖੇਡ ਮੰਤਰੀ ਵੱਲੋਂ ‘ਸੁਪਰ 100’ ਸਕੀਮ ਦੀ ਸ਼ੁਰੂਆਤ

ਫਿਰੋਜ਼ਪੁਰ ਵਿੱਚ ‘ਸੁਪਰ 100’ ਯੋਜਨਾ ਸ਼ੁਰੂ ਕਰਦੇ ਹੋਏ ਖੇਡ ਮੰਤਰੀ ਮੀਤ ਹੇਅਰ।

ਫ਼ਿਰੋਜ਼ਪੁਰ (ਨਿੱਜੀ ਪੱਤਰ ਪ੍ਰੇਰਕ): ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫ਼ਿਰੋਜ਼ਪੁਰ ਛਾਉਣੀ ਬੋਰਡ ਦੇ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਮੀਤ ਹੇਅਰ ਨੇ ਫ਼ਿਰੋਜ਼ਪੁਰ ਵਿਖੇ ਨਿਵੇਕਲੀ ਸਕੀਮ ‘ਸੁਪਰ ਹੰਡਰਡ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਤਹਿਤ ਸੂਬਾ ਪੱਧਰ ’ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਜ਼ਿਲ੍ਹੇ ਵਿਚੋਂ ਸੁਪਰ-100 ਖਿਡਾਰੀ ਚੁਣੇ ਗਏ ਹਨ। ਖਿਡਾਰੀਆਂ ਦੇ ਸੰਪੂਰਨ ਤੇ ਸਰਬਪੱਖੀ ਵਿਕਾਸ ਲਈ ਇਸ ਸਕੀਮ ਨੂੰ ਲਾਂਚ ਕੀਤਾ ਗਿਆ ਹੈ। ਇਨ੍ਹਾਂ ਖਿਡਾਰੀਆਂ ਦੀ ਰਿਫਰੈਸ਼ਮੈਂਟ ਦਾ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ।

Advertisement
Author Image

sukhwinder singh

View all posts

Advertisement