ਰਾਖਵਾਂਕਰਨ ਮਾਮਲਾ: ਭਾਜਪਾ ਐੱਸਸੀ-ਐੱਸਟੀ ਸੰਸਦ ਮੈਂਬਰਾਂ ਦੇ ਵਫ਼ਦ ਵੱਲੋਂ ਮੋਦੀ ਨਾਲ ਮੁਲਾਕਾਤ
ਨਵੀਂ ਦਿੱਲੀ, 9 ਅਗਸਤ
ਭਾਜਪਾ ਦੇ ਸੰਸਦ ਮੈਂਬਰਾਂ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਕਬੀਲਿਆਂ (ਐੱਸਟੀ) ਵਿਚਾਲੇ ਕ੍ਰੀਮੀ ਲੇਅਰ ਦੀ ਪਛਾਣ ਕਰਨ ਬਾਰੇ ਸੁਪਰੀਮ ਕੋਰਟ ਦੀ ਟਿੱਪਣੀ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਭਾਜਪਾ ਸੰਸਦ ਮੈਂਬਰ ਫੱਗਣ ਸਿੰਘ ਕੁਲਸਤੇ ਨੇ ਕਿਹਾ ਕਿ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਇੱਕ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਕ੍ਰੀਮ ਲੇਅਰ ਦੇ ਮੁੱਦੇ ’ਤੇ ਸਿਖਰਲੀ ਅਦਾਲਤ ਦੇ ਨਜ਼ਰੀਏ ਨੂੰ ਲਾਗੂ ਨਾ ਹੋਣ ਦਿੱਤਾ ਜਾਵੇ। ਮੀਟਿੰਗ ਮਗਰੋਂ ਮੋਦੀ ਨੇ ਐਕਸ ’ਤੇ ਪੋਸਟ ’ਚ ਕਿਹਾ, ‘‘ਅੱਜ ਐੱਸਸੀ/ਐੱਸਟੀ ਸੰਸਦ ਮੈਂਬਰਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਐੱਸਸੀ/ਐੱਸਟੀ ਭਾਈਚਾਰਿਆਂ ਦੀ ਭਲਾਈ ਤੇ ਸ਼ਕਤੀਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।’’ ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਜੱਜ ਜਸਟਿਸ ਬੀਆਰ ਗਵਈ ਨੇ 1 ਅਗਸਤ ਨੂੰ ਕਿਹਾ ਸੀ ਕਿ ਸੂਬਿਆਂ ਨੂੰ ਐੱਸਸੀ ਤੇ ਐੱਸਟੀ ਵਿਚਾਲੇ ਕ੍ਰੀਮੀ ਲੇਅਰ ਦੀ ਪਛਾਣ ਕਰਨ ਲਈ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਰਾਖਵਾਂਕਰਨ ਦਾ ਲਾਭ ਨਹੀਂ ਦੇਣਾ ਚਾਹੀਦਾ। ਵਫ਼ਦ ’ਚ ਸ਼ਾਮਲ ਭਾਜਪਾ ਦੇ ਰਾਜ ਸਭਾ ਮੈਂਬਰ ਸਿਕੰਦਰ ਕੁਮਾਰ ਨੇ ਕਿਹਾ, ‘‘ਅਸੀਂ ਸਾਰੇ ਸੁਪਰੀਮ ਕੋਰਟ ਦੇ ਨਜ਼ਰੀਏ ਤੋਂ ਚਿੰਤਤ ਹਾਂ।’ -ਪੀਟੀਆਈ
ਅਦਾਲਤ ਦੇ ਫ਼ੈਸਲੇ ਦੇ ਟਾਕਰੇ ਲਈ ਸੰਵਿਧਾਨਕ ਸੋਧ ਹੋਵੇ: ਮਾਇਆਵਤੀ
ਲਖਨਊ:
ਬਸਪਾ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਸੰਸਦ ਮੈਂਬਰਾਂ ਨੂੰ ਐੱਸਸੀ/ਐੱਸਟੀ ਰਾਖਵੇਂਕਰਨ ਬਾਰੇ ਭਰੋਸਾ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਨਾਲ ਹੀ ਇਸ ਮਾਮਲੇ ’ਤੇ ਸੁਪਰੀਮ ਕੋਰਟ ’ਚ ਕੇਂਦਰ ਦੇ ਰੁਖ਼ ਦੀ ਆਲੋਚਨਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਦਾਲਤ ਦੇ ਫ਼ੈਸਲੇ ਦੇ ਟਾਕਰੇ ਲਈ ਤੁਰੰਤ ਸੰਵਿਧਾਨਕ ਸੋਧ ਕੀਤੀ ਜਾਵੇ। -ਪੀਟੀਆਈ
ਐੱਸਸੀ-ਐੱਸਟੀ ਰਾਖਵਾਂਕਰਨ ’ਚ ਕ੍ਰੀਮੀ ਲੇਅਰ ਦੀ ਕੋਈ ਵਿਵਸਥਾ ਨਹੀਂ: ਕੈਬਨਿਟ
ਨਵੀਂ ਦਿੱਲੀ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ ਅੱਜ ਜ਼ੋਰ ਦੇ ਕੇ ਆਖਿਆ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਵੱਲੋਂ ਸੰਵਿਧਾਨ ਵਿਚ ਅਨੁਸੂਚਿਤ ਜਾਤਾਂ ਤੇ ਅਨੁਸੂਚਿਤ ਕਬੀਲਿਆਂ ਲਈ ਦਿੱਤੇ ਰਾਖਵੇਂਕਰਨ ਵਿਚ ਕ੍ਰੀਮੀ ਲੇਅਰ ਲਈ ਕੋਈ ਵਿਵਸਥਾ ਨਹੀਂ ਹੈ। ਕੇਂਦਰੀ ਕੈਬਨਿਟ ਵੱਲੋਂ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਕੈਬਨਿਟ ਦੀ ਬੈਠਕ ਦੌਰਾਨ ਸੁਪਰੀਮ ਕੋਰਟ ਦੇ ਹਾਲੀਆ ਫੈਸਲੇ ਬਾਰੇ ਤਫ਼ਸੀਲ ਵਿਚ ਚਰਚਾ ਹੋਈ, ਜਿਸ ਵਿਚ ਅਦਾਲਤ ਨੇ ਐੱਸਸੀ ਤੇ ਐੱਸਟੀ ਲਈ ਰਾਖਵਾਂਕਰਨ ਬਾਰੇ ਕੁਝ ਸੁਝਾਅ ਦਿੱਤੇ ਸਨ। -ਪੀਟੀਆਈ