ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਨੇ ਮੀਰਪੁਰ ਦੇ ਵਸਨੀਕ
ਹਰਜੀਤ ਸਿੰਘ
ਡੇਰਾਬੱਸੀ, 12 ਜੂਨ
ਨੇੜਲੇ ਪਿੰਡ ਮੀਰਪੁਰ ਦੇ ਵਸਨੀਕ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਪਰ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਦੀ ਕੋਈ ਸਾਰ ਨਹੀਂ ਲੈ ਰਿਹਾ ਹੈ। ਹੁਣ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮੱਸਿਆਵਾਂ ਹੱਲ ਕਰਨ ਦੀ ਅਪੀਲ ਕੀਤੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਨੂੰ ਨਗਰ ਕੌਂਸਲ ਵਿੱਚ ਸ਼ਾਮਲ ਹੋਏ ਨੂੰ ਅੱਠ ਸਾਲ ਹੋ ਗਏ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਸਾਫ ਸਫਾਈ, ਪਾਣੀ, ਸੀਵਰੇਜ ਅਤੇ ਹੋਰਨਾਂ ਬੁਨਿਆਦੀ ਸਹੂਲਤਾਂ ਨਹੀਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸਫਾਈ ਨਾ ਹੋਣ ਕਾਰਨ ਲੋਕ ਨਰਕ ਵਰਗੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹਨ। ਨਾਲੀਆਂ ਵਿੱਚ ਗੰਦਗੀ ਜਮ੍ਹਾਂ ਹੋਣ ਕਾਰਨ ਦੂਸ਼ਿਤ ਪਾਣੀ ਗਲੀਆਂ ਅਤੇ ਸੜਕਾਂ ‘ਤੇ ਵਗ ਰਿਹਾ ਹੈ। ਦੂਸ਼ਿਤ ਪਾਣੀ ਖਾਲੀ ਪਲਾਟਾਂ ਵਿੱਚ ਭਰਿਆ ਹੋਇਆ ਹੈ। ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਅਤਿ ਦੀ ਗਰਮੀ ਵਿੱਚ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ।
ਉਨ੍ਹਾਂ ਕਿਹਾ ਕਿ ਪਿੰਡ ਵਾਸੀ ਲੰਬੇ ਸਮੇਂ ਤੋਂ ਆਪਣੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਇਨ੍ਹਾਂ ਸਮੱਸਿਆਵਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਅੱਜ ਵੀ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਿੰਡ ਵਾਸੀਆਂ ਨੇ ਹੱਥ ਵਿੱਚ ਬੈਨਰ ਫੜ ਕੇ ਮੁੱਖ ਮੰਤਰੀ ਤੋਂ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਦੇ ਕੇ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ। ਉੱਧਰ, ਇਸ ਬਾਰੇ ਗੱਲ ਕਰਨ ‘ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਛੇਤੀ ਹੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਕੇ ਪਿੰਡ ਵਿੱਚ ਪਾਣੀ ਦੀ ਸਮੱਸਿਆ ਦਾ ਹੱਲ ਕਰਵਾਈ ਜਾਵੇਗੀ ਅਤੇ ਸਫਾਈ ਕਰਵਾਈ ਜਾਏਗੀ।