ਨਾਕਸ ਨਿਕਾਸੀ ਪ੍ਰਬੰਧਾਂ ਤੋਂ ਪ੍ਰੇਸ਼ਾਨ ਹੋਏ ਪਾਹਲੇਵਾਲ ਵਾਸੀ
ਜੰਗ ਬਹਾਦਰ ਸਿੰਘ ਸੇਖੋਂ
ਗੜ੍ਹਸ਼ੰਕਰ, 6 ਜੁਲਾਈ
ਇੱਥੋਂ ਤਿੰਨ ਕਿਲੋਮੀਟਰ ਦੂਰ ਪਿੰਡ ਪਾਹਲੇਵਾਲ ਵਿੱਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਟੋਭੇ ਦਾ ਗੰਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਗਿਆ, ਜਿਸ ਤੋਂ ਦੁਖੀ ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੀਂਹ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਉਦੋਂ ਹੋਰ ਵੱਧ ਗਈ, ਜਦੋਂ ਪਿੰਡ ਦੇ ਛੱਪੜ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਲੋਕਾਂ ਦੇ ਘਰਾਂ ਵਿੱਚ ਦਾਖ਼ਲ ਹੋ ਗਿਆ। ਇਸ ਕਾਰਨ ਲੋਕਾਂ ਦਾ ਲਾਂਘਾ ਵੀ ਬੰਦ ਹੋ ਗਿਆ। ਲੋਕਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਕਈ ਵਾਰ ਸਮੱਸਿਆ ਦੇ ਹੱਲ ਲਈ ਲਿਖੇ ਜਾਣ ਦੇ ਬਾਵਜੂਦ ਇਸ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿੰਡ ਪਾਹਲੇਵਾਲ ਦੇ ਵਸਨੀਕ ਲਗਭਗ ਇਕ ਦਹਾਕੇ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ ਹਨ। ਪਿੰਡ ਦੀ ਵਸਨੀਕ ਸੁਦੇਸ਼ ਕੁਮਾਰੀ ਨੇ ਕਿਹਾ ਕਿ ਟੋਭੇ ਦੀ ਸਾਫ਼-ਸਫਾਈ ਨਾ ਹੋਣ ਕਾਰਨ ਗੰਦਾ ਪਾਣੀ ਓਵਰਫਲੋਅ ਹੋ ਕੇ ਲੋਕਾਂ ਦੇ ਘਰਾਂ ਵਿੱਚ ਦਾਖ਼ਲ ਹੋ ਗਿਆ ਹੈ। ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹ ਹੈ। ਜਗਤਾਰ ਸਿੰਘ ਨੇ ਕਿਹਾ ਕਿ ਇਸ ਮੁਸ਼ਕਿਲ ਬਾਰੇ ਪ੍ਰਸ਼ਾਸਨ ਨੂੰ ਅਨੇਕਾਂ ਵਾਰ ਲਿਖਿਆ ਜਾ ਚੁੱਕਾ ਹੈ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਇਸ ਸਬੰਧੀ ਪਿੰਡ ਦਾ ਦੌਰਾ ਵੀ ਕਰ ਚੁਕੇ ਹਨ ਪਰ ਅਜੇ ਤੱਕ ਵੀ ਗੰਦੇ ਪਾਣੀ ਦੀ ਨਿਕਾਸੀ ਦਾ ਬੰਦੋਬਸਤ ਨਹੀਂ ਹੋ ਸਕਿਆ। ਇਸ ਮੌਕੇ ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਲਈ ਮਜਬੂਰ ਹੋਣਗੇ। ਇਸ ਮੌਕੇ ਕੈਲਾਸ਼, ਨਿਰਮਲਾ, ਕਵਿਤਾ ਰਾਣੀ, ਜਸਪਾਲ ਸਿੰਘ, ਕੇਸ਼ਵ ਰਾਣੀ, ਕ੍ਰਿਸ਼ਨਾ, ਵੀਨਾ ਆਦਿ ਹਾਜ਼ਰ ਸਨ। ਐੱਸਡੀਐੱਮ ਸ਼ਿਵ ਰਾਜ ਸਿੰਘ ਬੱਲ ਨੇ ਕਿਹਾ ਕਿ ਉਹ ਇਸ ਸਬੰਧੀ ਪਤਾ ਕਰਵਾਉਣਗੇ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਪਾਣੀ ਦੀ ਨਿਕਾਸੀ ਬਾਰੇ ਨਿਰਦੇਸ਼ ਦੇ ਰਹੇ ਹਨ।