ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਰਾਮਗੜ੍ਹ ਭੁੱਡਾ ਦੇ ਵਾਸੀ ਪ੍ਰੇਸ਼ਾਨ
ਹਰਜੀਤ ਸਿੰਘ
ਜ਼ੀਰਕਪੁਰ, 21 ਅਕਤੂਬਰ
ਜ਼ੀਰਕਪੁਰ ਨਗਰ ਕੌਂਸਲ ਦੇ ਵਾਰਡ ਨੰਬਰ-24 ਅਧੀਨ ਪੈਂਦੇ ਪਿੰਡ ਰਾਮਗੜ੍ਹ ਭੁੱਡਾ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਹੋ ਰਹੀ ਹੈ। ਪਿੰਡ ਵਾਸੀਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸੁਣਵਾਈ ਨਾ ਹੋਣ ਕਾਰਨ ਪਿੰਡ ਵਾਸੀਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਪਿੰਡ ਵਿੱਚ ਪਾਣੀ ਦੀ ਕਿੱਲਤ ਬਣੀ ਹੋਈ ਹੈ। ਕਦੇ ਟਿਊਬਵੈੱਲ ਖ਼ਰਾਬ ਹੋ ਜਾਂਦਾ ਹੈ ਜਦੋਂ ਉਹ ਠੀਕ ਹੋ ਗਿਆ ਤਾਂ ਹੁਣ ਹਫ਼ਤੇ ਤੋਂ ਦੂਸ਼ਿਤ ਪਾਣੀ ਆ ਰਿਹਾ ਹੈ। ਲੋਕ ਪੀਣ ਵਾਲੇ ਪਾਣੀ ਲਈ ਤਰਸ ਰਹੇ ਹਨ। ਲੋਕਾਂ ਦੇ ਘਰਾਂ ਵਿੱਚ ਪਾਣੀ ਸਾਫ਼ ਕਰਨ ਲਈ ਲੱਗੇ ਫਿਲਟਰ ਵੀ ਖ਼ਰਾਬ ਹੋ ਗਏ ਹਨ। ਲੋਕ ਆਪਣੇ ਪੱਧਰ ’ਤੇ ਪਾਣੀ ਦਾ ਪ੍ਰਬੰਧ ਕਰ ਰਹੇ ਹਨ। ਉਨ੍ਹਾਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਬਿਮਾਰੀ ਫੈਲਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਗੰਦੇ ਪਾਣੀ ਦੀ ਸਪਲਾਈ ਕਾਰਨ ਪਿੰਡ ਦੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਪੀਣ ਵਾਸਤੇ ਤੇ ਨਹਾਉਣ ਲਈ ਪਾਣੀ ਵੀ ਨਹੀਂ ਰਿਹਾ। ਠੇਕੇਦਾਰ ਨੂੰ ਸ਼ਿਕਾਇਤ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ।
ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੇ ਛੇਤੀ ਸਪਲਾਈ ਠੀਕ ਨਾ ਹੋਈ ਤਾਂ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਵੇਗਾ।
ਈਐੱਮਈ ਵੱਲੋਂ ਸਮੱਸਿਆ ਹੱਲ ਕਰਨ ਦਾ ਭਰੋਸਾ
ਜ਼ੀਰਕਪੁਰ ਨਗਰ ਕੌਂਸਲ ਦੇ ਏਐੱਮਈ ਸੁਖਵਿੰਦਰ ਸਿੰਘ ਨੇ ਕਿਹਾ ਕਿ ਅੱਜ ਹੀ ਪਿੰਡ ਵਾਸੀਆਂ ਵੱਲੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਵੱਲੋਂ ਤੁਰੰਤ ਅਧਿਕਾਰੀਆਂ ਨੂੰ ਸਮੱਸਿਆ ਦਾ ਹੱਲ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਲਕ ਤੱਕ ਸਮੱਸਿਆ ਹੱਲ ਹੋ ਜਾਵੇਗੀ।