ਨਸ਼ਿਆਂ ਦਾ ਵਿਰੋਧ: ਭਾਕਿਯੂ (ਉਗਰਾਹਾਂ) ਦੀ ਅਗਵਾਈ ਹੇਠ ਲੋਕਾਂ ਨੇ ਰੋਹ ਪ੍ਰਗਟਾਇਆ
ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 6 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਨਸ਼ੇ ਦੀਆਂ ਨਕੇਲਾਂ ਕਸਣ ਦੀ ਮੰਗ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕਰਨ ਮਗਰੋਂ ਇੱਥੇ ਮੁੱਖ ਮੰਤਰੀ ਪੰਜਾਬ ਦੇ ਨਾਂ ਡੀਸੀ ਨੂੰ ਮੰਗ ਪੱਤਰ ਦਿੱਤਾ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ’ਚ ਹੋਏ ਇਸ ਮਾਰਚ ਦੌਰਾਨ ਆਗੂਆਂ ਨੇ ‘ਚਿੱਟੇ’ ਦੀ ਪੈਦਾਵਾਰ ਅਤੇ ਵਪਾਰ ਕਰਨ ਵਾਲਿਆਂ ਵਾਸਤੇ ਮੌਤ ਦੀ ਸਜ਼ਾ ਦਾ ਪ੍ਰਬੰਧ ਕਰਨ ਲਈ ਨਵਾਂ ਕਾਨੂੰਨ ਪਾਸ ਕਰ ਕੇ ਉਸ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ। ਇਸ ਦੌਰਾਨ ਸਰਕਾਰ ਤੋਂ ਨਸ਼ਾ-ਛੁਡਾਊ ਕੇਂਦਰਾਂ ਦਾ ਢੁੱਕਵਾਂ ਪ੍ਰਬੰਧ ਕਰਨ, ਉੱਚ-ਪੱਧਰਾ ਮੈਡੀਕਲ ਇਲਾਜ ਤੇ ਮਨੋਵਿਗਿਆਨਕ ਇਲਾਜ ਕਰਨ ਵਾਲੇ ਮਾਹਿਰਾਂ ਦੀਆਂ ਸੇਵਾਵਾਂ ਹਰ ਕੇਂਦਰ ਵਿੱਚ ਮੁਹੱਈਆ ਕਰਨ, ਨਸ਼ਾ-ਪੀੜਤਾਂ ਅਤੇ ਛੋਟੇ-ਨਸ਼ਾ ਤਸਕਰਾਂ ਦੇ ਮੁੜ-ਵਸੇਬੇ ਲਈ ਢੁੱਕਵੀਂ ਨੀਤੀ ਬਣਾਉਣ, ਠੇਕਿਆਂ ਦੀ ਗਿਣਤੀ ਘਟਾਉਣ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਨੀਤੀ ਤਿਆਗਣ ਦੀ ਮੰਗ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜਾਗ੍ਰਿਤੀ ਮੁਹਿੰਮ ਤਹਿਤ ਅਜੇ ਇੱਕ ਮਹੀਨਾ ‘ਪਿੰਡਾਂ ਨੂੰ ਜਗਾਓ-ਪਿੰਡਾਂ ਨੂੰ ਹਿਲਾ ਦਿਓ’ ਮੁਹਿੰਮ ਜਾਰੀ ਰਹੇਗੀ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਇਸਤਰੀ ਵਿੰਗ ਦੀ ਆਗੂ ਹਰਿੰਦਰ ਬਿੰਦੂ, ਪਰਮਜੀਤ ਕੌਰ ਪਿੱਥੋ, ਹਰਪ੍ਰੀਤ ਕੌਰ ਜੇਠੂਕੇ, ਕਰਮਜੀਤ ਕੌਰ ਲਹਿਰਾਖਾਨਾ, ਮਾਲਣ ਕੌਰ ਕੋਠਾ ਗੁਰੂ, ਦਰਸ਼ਨ ਸਿੰਘ ਮਾਈਸਰਖਾਨਾ, ਜਗਦੇਵ ਸਿੰਘ ਜੋਗੇਵਾਲਾ, ਜਗਸੀਰ ਸਿੰਘ ਝੁੰਬਾ, ਡੀਟੀਐਫ ਦੇ ਆਗੂ ਬਲਜਿੰਦਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੰਦੀਪ ਖ਼ਾਨ ਅਤੇ ਪੀਐੱਸਯੂ (ਸ਼ਹੀਦ ਰੰਧਾਵਾ) ਦੇ ਬਿਕਰਮਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਫ਼ਰੀਦਕੋਟ (ਜਸਵੰਤ ਜੱਸ): ਨਸ਼ਾ ਵਿਰੋਧੀ ਮੁਹਿੰਮ ਤਹਿਤ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ। ਯੂਨੀਅਨ ਆਗੂ ਜਸਪਾਲ ਸਿੰਘ ਨੰਗਲ, ਨੱਥਾ ਸਿੰਘ ਰੋੜੀ ਕਪੂਰਾ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਅਜੇ ਵੀ ਇਲਾਕੇ ਵਿੱਚ ਨਸ਼ੇ ਦੀ ਭਰਮਾਰ ਹੈ। ਇਸ ਦੌਰਾਨ ਕਿਸਾਨ ਆਗੂ ਨਿਰਮਲ ਸਿੰਘ ਜਿਉਣਵਾਲਾ, ਗੁਰਪਾਲ ਸਿੰਘ ਨੰਗਲ, ਬਲਵਿੰਦਰ ਸਿੰਘ ਮੱਤਾ, ਮਲਕੀਤ ਸਿੰਘ ਚਮੇਲੀ, ਚਰਨਜੀਤ ਸਿੰਘ ਰਣ ਸਿੰਘ ਵਾਲਾ ਨੇ ਕਿਹਾ ਕਿ ਆਮ ਲੋਕਾਂ ਅਤੇ ਜਥੇਬੰਦੀਆਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਖੁਦ ਇਹ ਪਹਿਲਕਦਮੀ ਕੀਤੀ ਗਈ ਹੈ।
ਮਾਨਸਾ (ਜੋਗਿੰਦਰ ਸਿੰਘ ਮਾਨ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਜ਼ਿਲ੍ਹਾ ਕਚਹਿਰੀਆਂ ’ਚ ਨਸ਼ਿਆਂ ਖ਼ਿਲਾਫ਼ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਸੂਬਾਈ ਆਗੂ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਇੰਦਰਜੀਤ ਸਿੰਘ ਝੱਬਰ, ਜੋਗਿੰਦਰ ਸਿੰਘ ਦਿਆਲਪੁਰਾ ਤੇ ਮਹਿੰਦਰ ਸਿੰਘ ਰੁਮਾਣਾ ਤੇ ਸਰੋਜ ਰਾਣੀ ਦਿਆਲਪੁਰਾ ਨੇ ਵੀ ਸੰਬੋਧਨ ਕੀਤਾ।
ਬਰਨਾਲਾ: ਸੁਆਣੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ
ਬਰਨਾਲਾ (ਰਵਿੰਦਰ ਰਵੀ/ਪ੍ਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਸੂਬਾਈ ਮੁਹਿੰਮ ਤਹਿਤ ਇੱਥੇ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਇਸ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਲਈ ਜ਼ੋਰਦਾਰ ਬੁਲੰਦ ਆਵਾਜ਼ ’ਚ ਹਾਕਮਾਂ ਨੂੰ ਹਲੂਣਿਆ। ਸੁਆਣੀਆਂ ਦੀ ਭਰਵੀਂ ਸ਼ਮੂਲੀਅਤ ਵਾਲੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਫ਼ਸਲਾਂ ਦੀ ਰਾਖੀ ਦੇ ਨਾਲ ਨਸਲਾਂ ਦੀ ਰਾਖੀ ਵੀ ਲਾਜ਼ਮੀ ਹੋ ਗਈ ਹੈ। ਬੁਲਾਰਿਆਂ ’ਚ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਔਰਤ ਵਿੰਗ ਕਨਵੀਨਰ ਕਮਲਜੀਤ ਕੌਰ ਬਰਨਾਲਾ ਤੇ ਹੋਰ ਆਗੂ ਹਾਜ਼ਰ ਸਨ।