ਸਿਵਲ ਸਰਜਨ ਵੱਲੋਂ ਸਮੀਖਿਆ ਮੀਟਿੰਗ
ਪੱਤਰ ਪ੍ਰੇਰਕ
ਜਲੰਧਰ, 5 ਜੂਨ
ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਡੇਂਗੂ ਦੀ ਰੋਕਥਾਮ ਹਿੱਤ ਸੋਮਵਾਰ ਨੂੰ ਹੈਲਥ ਸੁਪਰਵਾਈਜਰਜ਼ (ਮੇਲ) ਅਤੇ ਵਰਕਰਜ਼ ਨਾਲ ਦਫ਼ਤਰ ਸਿਵਲ ਸਰਜਨ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਨ ਸ਼ਰਮਾ ਵੱਲੋਂ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਹਿੱਤ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਕੀਤੀ ਗਈ। ਸਮੂਹ ਹੈਲਥ ਸੁਪਰਵਾਈਜਰ ਅਤੇ ਵਰਕਰਾਂ ਨੂੰ ਡੇਂਗੂ-ਮਲੇਰੀਆ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਨਿਰਦੇਸ਼ ਦਿੱਤੇ।
ਸਿਵਲ ਸਰਜਨ ਨੇ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਸਰਵੇ ਲਈ ਜ਼ਿਲ੍ਹੇ ਵਿੱਚ 19 ਟੀਮਾਂ ਬਣਾਈਆਂ ਗਈਆਂ ਹਨ। ਰੋਜ਼ਾਨਾ 6-7 ਖੇਤਰਾਂ ਵਿੱਚ ਸਰਵੇ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਸਾਲ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਵਾਰਡਾਂ ‘ਚ 49,172 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਸ਼ਹਿਰੀ ਖੇਤਰ ਦੇ 19,793 ਘਰਾਂ ਅਤੇ ਪੇਂਡੂ ਖੇਤਰ ਦੇ 29,379 ਘਰਾਂ ਦਾ ਸਰਵੇ ਕੀਤਾ ਗਿਆ ਹੈ। ਇਸ ਦੌਰਾਨ 54 ਘਰਾਂ ਵਿੱਚ ਲਾਰਵਾ ਮਿਲਿਆ ਜਿਸ ਨੂੰ ਟੀਮਾਂ ਵੱਲੋਂ ਨਿਰਧਾਰਤ ਤਰੀਕੇ ਨਾਲ ਮੌਕੇ ‘ਤੇ ਹੀ ਨਸ਼ਟ ਕੀਤਾ ਗਿਆ। ਡਾ. ਆਦਿਤਯਪਾਲ ਨੇ ਦੱਸਿਆ ਕਿ ਸਿਹਤ ਟੀਮਾਂ ਵੱਲੋਂ ਡੇਂਗੂ-ਮਲੇਰੀਆ ਸਰਵੇ ਲਈ ਹਾਟਸਪਾਟ ਅਤੇ ਸਲੱਮ ਏਰੀਆ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।