ਵਿਧਾਇਕ ਗਰੇਵਾਲ ਵੱਲੋਂ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਅਕਤੂਬਰ
ਵਿਧਾਨ ਸਭਾ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨਾਲ ਮੁਲਾਕਾਤ ਕਰਕੇ ਹਲਕੇ ’ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕੀਤੀ। ਇਸ ਦੌਰਾਨ ਏਡੀਸੀ ਹਰਜਿੰਦਰ ਸਿੰਘ, ਇਪਰੂਵਮੈਂਟ ਟਰੱਸਟ ਦੇ ਅਧਿਕਾਰੀ ਤੋਂ ਇਲਾਵਾ ਪੀਡਬਲੂਡੀ ਵਿਭਾਗ ਦੇ ਅਧਿਕਾਰੀਆਂ ਨੇ ਵੀ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਅੱਜ ਉਨ੍ਹਾਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਵਿਸ਼ੇਸ਼ ਤੌਰ ’ਤੇ ਹਲਕਾ ਪੂਰਬੀ ’ਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਦੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਕੈਲਾਸ਼ ਨਗਰ ਗਹਿਲੇ ਵਾਲ ਵਿੱਚ ਬਣਨ ਜਾ ਰਹੇ ਸਕੂਲਾਂ ਦੇ ਉਸਾਰੀ ਕਾਰਜਾਂ ਸਬੰਧੀ ਗੱਲਬਾਤ ਕੀਤੀ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ’ਚ ਬਣ ਰਹੇ ਸਕੂਲ ਦੀ ਥਾਂ ਨੂੰ ਵਧਾਉਣ ਲਈ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਜਿਸ ਦਾ ਜਲਦ ਹੀ ਹੱਲ ਕੱਢ ਲਿਆ ਜਾਵੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਵਿਕਾਸ ਦੇ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣਾ ਹੀ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਹਲਕੇ ਨੂੰ ਇੱਕ ਨਵਾਂ ਤੇ ਮਾਡਲ ਰੂਪ ਦਿੱਤਾ ਜਾਵੇਗਾ।