For the best experience, open
https://m.punjabitribuneonline.com
on your mobile browser.
Advertisement

ਸਿਵਲ ਸਰਜਨ ਵੱਲੋਂ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਸਮੀਖਿਆ ਮੀਟਿੰਗ

10:29 AM Jul 28, 2023 IST
ਸਿਵਲ ਸਰਜਨ ਵੱਲੋਂ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਸਮੀਖਿਆ ਮੀਟਿੰਗ
ਸਿਵਲ ਸਰਜਨ ਡਾ. ਰਮਿੰਦਰ ਕੌਰ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 27 ਜੁਲਾਈ
ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਜ਼ਿਲ੍ਹੇ ਵਿੱਚ ਅਪਰੈਲ ਤੋਂ ਜੂਨ 2023 ਦੌਰਾਨ ਹੋਈਆਂ ਬੱਚਿਆਂ ਦੀਆਂ ਮੌਤਾਂ ਦੇ ਕਾਰਨਾਂ ਦਾ ਪਤਾ ਲਾਉਣ ਲਈ ਸਿਵਲ ਸਰਜਨ ਡਾ. ਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਬਲਾਕਾਂ ਦੇ ਮੈਡੀਕਲ ਅਫ਼ਸਰਾਂ, ਬੱਚਿਆਂ ਦੇ ਮਾਹਰ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨਾਲ ਸਮੀਖਿਆ ਮੀਟਿੰਗ ਕੀਤੀ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਔਰਤਾਂ ਵੱਲੋਂ ਆਪਣੇ ਨਵਜੰਮੇ ਬੱਚਿਆਂ ਨੂੰ ਆਪਣਾ ਦੁੱਧ ਪਿਲਾਉਣ ਤੋਂ ਬਾਅਦ ਡਕਾਰ ਨਾ ਦਿਵਾ ਕੇ ਇੱਕਦਮ ਸਿੱਧਾ ਸਵਾ ਦਿੱਤਾ ਜਾਂਦਾ ਹੈ ਜਿਸ ਨਾਲ ਕਈ ਵਾਰ ਦੁੱਧ ਬੱਚੇ ਦੀ ਸਾਹ ਨਲੀ ਵਿੱਚ ਜਾਣ ਨਾਲ ਬੱਚੇ ਨੂੰ ਸਾਹ ਲੈਣ ਵਿੱਚ ਔਖ ਮਹਿਸੂਸ ਹੁੰਦੀ ਹੈ ਜੋ ਬੱਚੇ ਦੀ ਮੌਤ ਦਾ ਕਾਰਨ ਵੀ ਬਣ ਸਕਦਾ ਹੈ। ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਬੱਚਿਆਂ ਦੇ ਮਾਰੂ ਬਿਮਾਰੀਆਂ ਜਿਵੇਂ ਪੋਲੀਓ, ਖਸਰਾ, ਗਲਘੋਟੂ, ਕਾਲੀ ਖਾਂਸੀ, ਧਨੁਕਵਾ, ਦਿਮਾਗੀ ਬੁਖਾਰ ਤੇ ਹੈਪਟਾਈਟਸ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ।

Advertisement

ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਮੀਟਿੰਗ
ਪਟਿਆਲਾ: ਜ਼ਿਲ੍ਹੇ ਅੰਦਰ ਸੈਕੰਡਰੀ ਸਿਹਤ ਸੇਵਾਵਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਡੀਸੀ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਦੀ ਐਮਰਜੈਂਸੀ, ਨਾਭਾ ਐੱਮ.ਸੀ.ਐੱਚ. ਅਤੇ ਬਾਦਸ਼ਾਹਪੁਰ ਹਸਪਤਾਲਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ’ਚ ਏ.ਡੀ.ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਸਿਵਲ ਸਰਜਨ ਡਾ. ਰਾਮਿੰਦਰ ਕੌਰ, ਸਬੰਧਤ ਐਸ.ਐਮ.ਓਜ਼, ਚੀਫ਼ ਆਰਕੀਟੈਕਟ, ਲੋਕ ਨਿਰਮਾਣ ਵਿਭਾਗ, ਸਿਹਤ ਸਿਸਟਮ ਕਾਰਪੋਰੇਸ਼ਨ, ਪੰਜਾਬ ਮੰਡੀ ਬੋਰਡ ਤੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡੀਸੀ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦੀ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਦਿਆਂ ਇੱਥੇ ਨਵਾਂ ਆਈਸੀਯੂ ਤੇ ਟਰੌਮਾ ਸੈਂਟਰ ਸ਼ੁਰੂ ਕਰਨ ਸਮੇਤ ਨਵਜੰਮੇ ਬੱਚਿਆਂ ਲਈ ਨਿੱਕੂ ਤੇ ਪਿੱਕੂ ਸੈਂਟਰ ਬਣਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦਫ਼ਤਰ ਲਈ ਨਵੀਂ ਇਮਾਰਤ ਮੁਹੱਈਆ ਕਰਵਾਉਣ ਲਈ ਢੁਕਵੀਂ ਥਾਂ ਦੀ ਚੋਣ ਕਰਨ ਸਮੇਤ ਸਾਰੇ ਕੰਮ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਬੰਧਤ ਅਧਿਕਾਰੀ ਸਾਰੀਆਂ ਇਮਾਰਤਾਂ ਦਾ ਦੌਰਾ ਕਰ ਕੇ ਤਜਵੀਜ਼ਾਂ ਤੇ ਤਖ਼ਮੀਨੇ ਤੁਰੰਤ ਜਮ੍ਹਾਂ ਕਰਵਾਉਣਗੇ। -ਖੇਤਰੀ ਪ੍ਰਤੀਨਿਧ

Advertisement

Advertisement
Author Image

sukhwinder singh

View all posts

Advertisement