ਨਾਮਧਾਰੀ ਸ਼ਹੀਦੀ ਯਾਦਗਾਰ ’ਤੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 3 ਜਨਵਰੀ
ਇੱਥੇ 17 ਅਤੇ 18 ਜਨਵਰੀ ਨੂੰ 66 ਸਿੱਖ ਕੂਕਾ ਸ਼ਹੀਦਾਂ ਦੀ ਯਾਦ ਵਿੱਚ ਸਥਾਨਕ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਹੋਣ ਵਾਲੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਇਸ ਸ਼ਰਧਾਂਜਲੀ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਾਉਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸਮੁੱਚੇ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਨਾਮਧਾਰੀ ਸ਼ਹੀਦੀ ਸਮਾਰਕ ਦੇ ਆਲੇ ਦੁਆਲੇ ਦੀ ਸਾਫ਼-ਸਫ਼ਾਈ, ਸੜਕ ਦੀ ਮੁਰੰਮਤ, ਸਟਰੀਟ ਲਾਈਟਾਂ ਦੀ ਮੁਰੰਮਤ ਆਦਿ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐੱਸਡੀਐੱਮ ਹਰਬੰਸ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਦੇ ਨੁਮਾਇੰਦੇ ਮੌਜੂਦ ਸਨ।