ਡੀਸੀ ਵੱਲੋਂ ਸਰਕਾਰੀ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਧੂਰੀ, 15 ਜੂਨ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਧੂਰੀ ਹਲਕੇ ਅੰਦਰ ਕਰੀਬ 21.65 ਕਰੋੜ ਦੀ ਲਾਗਤ ਨਾਲ ਤਿਆਰ ਹੋ ਰਹੇ ਸਬ ਡਿਵੀਜ਼ਨਲ ਹਸਪਤਾਲ ਦੇ ਨਵੇਂ ਬਲਾਕ ਅਤੇ ਜੱਚਾ ਬੱਚਾ ਹਸਪਤਾਲ ਦੀ ਇਮਾਰਤ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਨੂੰ ਸਿਹਤ ਸੇਵਾਵਾਂ ਪੱਖੋਂ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਇਹ ਬਹੁ ਕਰੋੜੀ ਲਾਗਤ ਵਾਲੇ ਪ੍ਰਾਜੈਕਟ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ ਅਤੇ ਇਸ ਪ੍ਰਾਜੈਕਟ ਤਹਿਤ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਚਾਰ ਸਰਕਾਰੀ ਹਸਪਤਾਲਾਂ ਨੂੰ ਅਤਿ ਆਧੁਨਿਕ ਸਿਹਤ ਸੁਵਿਧਾਵਾਂ ਅਤੇ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਸਿਰੇ ਚੜ੍ਹਾਉਣ ਲਈ ਉਹ ਖੁਦ ਸਮੇਂ-ਸਮੇਂ ’ਤੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਸਿਵਲ ਹਸਪਤਾਲ ਸੰਗਰੂਰ, ਸਬ ਡਵੀਜ਼ਨਲ ਹਸਪਤਾਲ ਧੂਰੀ, ਕਮਿਊਨਿਟੀ ਹੈਲਥ ਸੈਂਟਰ ਕੌਹਰੀਆਂ ਅਤੇ ਰੂਰਲ ਹਸਪਤਾਲ ਚੀਮਾ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤੇ ਅਧਿਕਾਰੀਆਂ ਨੂੰ ਇਸ ਦਾ ਕੰਮ ਜਲਦੀ ਖਤਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਸਿਵਲ ਸਰਜਨ ਵੱਲੋਂ ਸਿਹਤ ਕੇਂਦਰ ਕੌਹਰੀਆਂ ਦਾ ਦੌਰਾ
ਸੂਲਰ ਘਰਾਟ (ਪੱਤਰ ਪ੍ਰੇਰਕ): ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਨੇ ਕੌਹਰੀਆਂ ਵਿੱਚ ਸੀਐੱਚਸੀ ਦੀ ਨਵੀਂ ਬਣ ਰਹੀ ਇਮਾਰਤ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਡਾ. ਕਿਰਪਾਲ ਸਿੰਘ ਨੇ ਸਿਹਤ ਕੇਂਦਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ-ਕਾਜ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।