ਮੰਤਰੀ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਨਵੰਬਰ
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਸਵੱਛ ਪਾਣੀ, ਸਾਫ਼ ਸਫ਼ਾਈ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਜ ਇੱਥੇ ਅੰਮ੍ਰਿਤਸਰ ਸ਼ਹਿਰ ਵਿੱਚ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਕੀਤੀ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਮੀਟਿੰਗ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਹਿਰ ਦੀ ਸਾਫ਼ ਸਫ਼ਾਈ ਵਿਵਸਥਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਿਥੇ ਕਿੱਥੇ ਵੀ ਕੂੜੇ ਦੇ ਢੇਰ ਪਏ ਹਨ ਨੂੰ ਚੁੱਕ ਕੇ ਡੰਪ ਵਾਲੀ ਥਾਂ ਤੇ ਉਸ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕਰਕੇ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਾ ਭਰਿਆ ਬਣਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਦੀ ਸੀਵਰੇਜ ਦੀ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸੀਵਰੇਜ ਦਾ ਗੰਦਾ ਪਾਣੀ ਸੜ੍ਹਕਾਂ ਤੇ ਨਾ ਆ ਸਕੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ ਦੇ ਸੀਵਰੇਜ ਨੂੰ ਬਦਲਣ ਦੀ ਤਜਵੀਜ਼ ਬਣਾ ਕੇ ਭੇਜੀ ਜਾਵੇ ਤਾਂ ਜੋ ਨਵਾਂ ਸੀਵਰੇਜ ਪਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਪਾਸੋਂ ਵਖ ਵੱਖ ਸਕੀਮਾਂ ਅਧੀਨ ਚਲ ਰਹੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਆਦੇਸ਼ ਜਾਰੀ ਕੀਤੇ ਕਿ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣ। ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਗੜਬੜੀ ਪਾਈ ਗਈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।