ਸਹਿਕਾਰੀ ਸਭਾਵਾਂ ਰਾਹੀਂ ਖਾਦ ਵੰਡ ਦਾ ਜਾਇਜ਼ਾ
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 11 ਨਵੰਬਰ
ਜ਼ਿਲ੍ਹਾ ਕਪੂਰਥਲਾ ਵਿੱਚ ਖਾਦ ਦੀ ਸੁਚਾਰੂ ਵੰਡ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਕਾਇਮ ਸਹਿਕਾਰਤਾ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦਾ ਦੌਰਾ ਕਰਕੇ ਖਾਦ ਦੀ ਵੰਡ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਲਗਭਗ 86 ਸਹਿਕਾਰੀ ਸਭਾਵਾਂ ਅਤੇ ਪ੍ਰਾਇਵੇਟ ਡੀਲਰਾਂ ਰਾਹੀਂ ਖਾਦ ਦੀ ਸਪਲਾਈ ਦਾ ਕੰਮ ਸੁਚਾਰੂ ਤਰੀਕੇ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਮ੍ਹਾਂਖੋਰੀ ਅਤੇ ਟੈਗਿੰਗ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸਹਿਕਾਰੀ ਸਭਾਵਾਂ ਅਤੇ ਡੀਲਰਾਂ ਦੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਅਤੇ ਨੇੜਲੀਆਂ ਸਹਿਕਾਰੀ ਸਭਾਵਾਂ ਵਿੱਚ ਖਾਦ ਦੀ ਵੰਡ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਜੱਬੋਵਾਲ, ਸਾਧੂਵਾਲ, ਡਡਵਿੰਡੀ, ਮੈਰੀਪੁਰ ਅਤੇ ਮੋਹੱਬਲੀਪੁਰ ਦੀਆਂ ਸਹਿਕਾਰੀ ਸਭਾਵਾਂ ਵਿੱਚ ਸੁਸਾਇਟੀਆਂ ਦੇ ਸਕੱਤਰਾਂ ਨੂੰ ਕਿਹਾ ਕਿ ਖਾਦ ਦੀ ਪੂਰੀ ਪਾਰਦਰਸ਼ਤਾ ਨਾਲ ਵੰਡ ਯਕੀਨੀ ਬਣਾਈ ਜਾਵੇ। ਉਨ੍ਹਾਂ ਵੱਲੋਂ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਫਗਵਾੜਾ ਵਿੱਚ ਵੀ ਪਲਾਹੀ ਅਤੇ ਭੁੱਲਾਰਾਈ ਸਹਿਕਾਰੀ ਸਭਾਵਾਂ ਦਾ ਦੌਰਾ ਕਰ ਕੇ ਖਾਦ ਵੰਡ ਦਾ ਜਾਇਜ਼ਾ ਲਿਆ ਗਿਆ।