ਡੀਸੀ ਵੱਲੋਂ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ
ਨਿੱਜੀ ਪੱਤਰ ਪ੍ਰੇਰਕ
ਦੇਵੀਗੜ੍ਹ, 28 ਜੂਨ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਆਪਣਾ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਸਾਕਸ਼ੀ ਸਾਹਨੀ ਨੇ ਰਾਸ਼ਨ ਕਾਰਡ ਧਾਰਕਾਂ, ਜੇ ਫਾਰਮ ਧਾਰਕ ਕਿਸਾਨਾਂ, ਕਿਰਤੀਆਂ, ਛੋਟੇ ਵਪਾਰੀਆਂ, ਪੀਲਾ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਸਮਾਰਟ ਕਾਰਡ ਜ਼ਰੂਰ ਬਣਵਾਉਣ ਤਾਂ ਕਿ ਉਹ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਦਾਨ ਕੀਤੀ ਜਾ ਰਹੀ 5 ਲੱਖ ਰੁਪਏ ਤੱਕ ਦੇ ਇਲਾਜ ਲਈ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ।
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਯੋਜਨਾ ਤਹਿਤ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਲਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਲਾਭਪਾਤਰੀਆਂ ਤੇ ਉਨ੍ਹਾਂ ਦੇ ਉਪਰ ਨਿਰਭਰ ਪਰਿਵਾਰਕ ਮੈਂਬਰਾਂ ਦੇ ਇਹ ਕਾਰਡ ਜਰੂਰ ਬਣਾਏ ਜਾਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੀ ਜੁਲਾਈ ਤੋਂ ਪੂਰਾ ਮਹੀਨਾ ਇੱਕ ਵਿਸ਼ੇਸ਼ ਵੈਨ ਵੀ ਇਹ ਕਾਰਡ ਬਣਵਾਉਣ ਲਈ ਜ਼ਿਲ੍ਹੇ ਅੰਦਰ ਚਲਾਈ ਜਾਵੇਗੀ। ਮੀਟਿੰਗ ਮੌਕੇ ਏਡੀਸੀ (ਸ਼ਹਿਰੀ ਵਿਕਾਸ) ਗੁਰਪ੍ਰੀਤ ਸਿੰਘ ਥਿੰਦ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਮੰਡੀ ਅਫ਼ਸਰ ਅਜੇਪਾਲ ਸਿੰਘ ਬਰਾੜ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਲੜਕੀ ਦੀ ਜਾਨ ਬਚਾਉਣ ਵਾਲੇ ਸਿਪਾਹੀ ਐੱਨਡੀ ਕ੍ਰਿਸ਼ਨਨ ਦਾ ਸਨਮਾਨ
ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਭਾਰਤੀ ਫ਼ੌਜ ਦੇ ਸਿਪਾਹੀ ਨਵਾਨੀਤਾ ਕ੍ਰਿਸ਼ਨਨ ਡੀ ਦਾ ਅੱਜ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਹਸੀ ਜਵਾਨ ਨੇ 16 ਜੂਨ ਨੂੰ ਅਚਾਨਕ ਪੈਰ ਫਿਸਲ ਜਾਣ ਕਰਕੇ ਭਾਖੜਾ ਨਹਿਰ ਵਿੱਚ ਡਿੱਗ ਜਾਣ ਵਾਲੀ ਇੱਕ ਲੜਕੀ ਦੀ ਜਾਨ ਬਚਾਉਣ ਲਈ ਪਾਣੀ ਦੇ ਤੇਜ਼ ਵਹਾਅ ਵਿੱਚ ਛਾਲ ਮਾਰ ਕੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਲੜਕੀ ਨੂੰ ਬਾਹਰ ਕੱਢ ਲਿਆ ਸੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਕਿਸੇ ਵੀ ਹਾਲਤ ਵਿੱਚ ਹਮੇਸ਼ਾ ਹੀ ਦੇਸ਼ ਅਤੇ ਨਾਗਰਿਕਾਂ ਦੀ ਸੇਵਾ ਲਈ ਹਾਜ਼ਰ ਰਹਿੰਦੇ ਹਨ, ਇਸੇ ਭਾਵਨਾ ਤਹਿਤ ਸਿਪਾਹੀ ਨਵਾਨੀਤਾ ਕ੍ਰਿਸ਼ਨਨ ਡੀ ਨੇ ਲੜਕੀ ਦੀ ਜਾਨ ਬਚਾਈ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤੀ ਫ਼ੌਜ ਦੇ ਪਟਿਆਲਾ ਸਥਿਤ ਆਰਮੀ ਹਸਪਤਾਲ ਵਿੱਚ ਸੇਵਾ ਨਿਭਾਅ ਰਹੇ ਜਵਾਨ ਦੀ ਬਹਾਦਰੀ ਤੇ ਜੋਸ਼ ਦਾ ਭਾਰਤੀ ਫ਼ੌਜ ਦੇ ਮੁਖੀ ਜਨਰਲ ਮਨੋਜ ਪਾਂਡੇ ਨੇ ਵੀ ਪਿਛਲੇ ਦਿਨੀਂ ਵਿਸ਼ੇਸ਼ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਜਵਾਨ ਦੇ ਹੋਰ ਉੱਚ ਸਰਕਾਰੀ ਸਨਮਾਨ ਲਈ ਉਹ ਆਪਣੇ ਦਫ਼ਤਰ ਵੱਲੋਂ ਸਿਫ਼ਾਰਸ਼ ਕਰਕੇ ਕੇਸ ਸਰਕਾਰ ਨੂੰ ਭੇਜ ਰਹੇ ਹਨ। ਇਸ ਮੌਕੇ ਆਰਮੀ ਮੈਡੀਕਲ ਕੋਰ ਦੇ ਪਟਿਆਲਾ ਹਸਪਤਾਲ ਤੋਂ ਕਰਨਲ ਡਾ. ਜੋਗੇਸ਼ ਖੁਰਾਣਾ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਮਨਿੰਦਰ ਸਿੰਘ ਰੰਧਾਵਾ ਮੌਜੂਦ ਸਨ। ਇਸ ਬਹਾਦਰ ਜਵਾਨ ਲਈ ਬਠਿੰਡਾ ਦੇ ਸੁਤੰਤਰਤਾ ਸੰਗਰਾਮੀ ਮਨਜੀਤ ਇੰਦਰ ਸਿੰਘ ਬਰਾੜ ਵੱਲੋਂ ਭੇਜਿਆ ਗਿਆ ਨਗ਼ਦ ਇਨਾਮ ਵੀ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਅਨਿਲ ਕੁਮਾਰ ਗਰਗ ਵੱਲੋਂ ਜਵਾਨ ਨੂੰ ਸੌਂਪਿਆ ਗਿਆ।