ਨਿੱਜੀ ਹਸਪਤਾਲਾਂ ’ਚ ਬੁਨਿਆਦੀ ਢਾਂਚੇ ਦਾ ਜਾਇਜ਼ਾ
ਨਿਜੀ ਪੱਤਰ ਪ੍ਰੇਰਕ
ਜਲੰਧਰ, 24 ਜੁਲਾਈ
ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਵਧੀਆ ਸਹੂਲਤਾਂ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਬਣਾਈ ਗਈ ਉੱਚ ਤਾਕਤੀ ਕਮੇਟੀ ਵਲੋਂ ਕੋਵਿਡ ਦੇ ਮਰੀਜ਼ਾਂ ਲਈ ਬੈੱਡਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਉਪਲਬੱਧਤਾ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸ਼ਹਿਰ ਦੇ 26 ਹਸਪਤਾਲਾਂ ਵਿੱਚ ਮੈਡੀਕਲ ਬੁਨਿਆਦੀ ਢਾਂਚੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸਾਰੰਗਲ ਨੇ ਦੱਸਿਆ ਕਿ ਇਹ 26 ਨਿੱਜੀ ਹਸਪਤਾਲ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ ਅੱਗੇ ਆਏ ਹਨ। ਸਿਹਤ ਅਤੇ ਸਿਵਲ ਪ੍ਰਸ਼ਾਸਨ ਦੇ ਨੋਡਲ ਅਫ਼ਸਰਾਂ ਵੱਲੋਂ ਇਨ੍ਹਾਂ ਨਿੱਜੀ ਹਸਪਤਾਲਾਂ ਨਾਲ ਲਗਾਤਾਰ ਤਾਲਮੇਲ ਰੱਖਿਆ ਜਾ ਰਿਹਾ ਹੈ ਤਾਂ ਜੋ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ ਇਨ੍ਹਾਂ ਹਸਪਤਾਲਾਂ ਵਿੱਚ ਮੌਜੂਦ ਮੈਡੀਕਲ ਬੁਨਿਆਦੀ ਢਾਂਚੇ ਦੀ ਉਪਲਬੱਧਤਾ ਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਬੈੱਡਾਂ ਤੱਕ ਪਾਈਪ ਰਾਹੀਂ ਆਕਸੀਜਨ ਪਹੁੰਚਾਉਣ ਅਤੇ ਵੈਂਟੀਲੇਟਰ ਸਬੰਧੀ ਮੁਕੰਮਲ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਵਧਾਈਆਂ ਇਲਾਜ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਵਲੋਂ ਪੰਜਾਬ ਸਰਕਾਰ ਵੱਲੋਂ ਇਲਾਜ ਲਈ ਨਿਰਧਾਰਿਤ ਕੀਤੇ ਗਏ ਰੇਟ ਹੀ ਲਏ ਜਾਣਗੇ।
ਮੁਰਗੀ ਮੁਹੱਲਾ ਬਣਿਆ ਹਾਈ ਰਿਸਕ ਜ਼ੋਨ
ਬਟਾਲਾ(ਪੱਤਰ ਪ੍ਰੇਰਕ): ਇਥੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਉੱਚ ਪੱਧਰੀ ਮੈਡੀਕਲ ਟੀਮ ਬਟਾਲਾ ਦੇ ਮੁਰਗੀ ਮੁਹੱਲਾ ਖੇਤਰ ਵਿੱਚ ਪੁੱਜੀ ਤੇ 236 ਵਿਅਕਤੀਆਂ ਦੇ ਸੈਂਪਲ ਇਕੱਤਰ ਕੀਤੇ ਗਏ। ਡਾ. ਸੰਜੀਵ ਭੱਲਾ ਨੇ ਕਿਹਾ ਕਿ ਲਏ ਗਏ ਨਮੂਨਿਆਂ ਦੀ ਰਿਪੋਰਟ ਕੱਲ ਤੱਕ ਪ੍ਰਾਪਤ ਹੋ ਜਾਏਗੀ ਤੇ ਉਪਰੰਤ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।