ਡੀਸੀ ਵੱਲੋਂ ਐੱਮਸੀਐੱਚ ਦੇ ਵਿਸਤਾਰ ਕਾਰਜਾਂ ਦਾ ਜਾਇਜ਼ਾ
ਖੇਤਰੀ ਪ੍ਰਤੀਨਿਧ
ਲੁਧਿਆਣਾ, 27 ਜੂਨ
ਸਿਵਲ ਹਸਪਤਾਲ ਵਿੱਚ ਜ਼ੱਚਾ-ਬੱਚਾ ਕੇਂਦਰ ਦੇ ਵਿਸਥਾਰ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਦੇ ਨਿਰਮਾਣ ਕਾਰਜ ਦੇਖਣ ਪਹੁੰਚੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿੰਮੇਵਾਰ ਏਜੰਸੀ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਤੁਰੰਤ ਆਪਣੇ ਕਰਮਚਾਰੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਰ ਕੰਮ ਦੀ ਸਮਾਂ-ਸੀਮਾ ਤੇ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਤੇ ਸਿਵਲ ਹਸਪਤਾਲ ਦੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਮਾਰਤਾਂ ਤੇ ਵਾਰਡਾਂ ਦਾ ਨਿਯਮਿਤ ਨਿਰੀਖਣ ਕਰਨ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੇ ਵਾਰਡਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੇਟਿੰਗ ਏਰੀਆ ਵਿੱਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਦੇ ਬੈਠਣ ਲਈ ਢੁੱਕਵੇਂ ਪ੍ਰਬੰਧਾਂ ਲਈ ਵਿਆਪਕ ਯੋਜਨਾ ਤਿਆਰ ਕੀਤੀ ਜਾਵੇ। ਉਨ੍ਹਾਂ ਐੱਲਈਡੀਟੀਵੀ ਲਾਉਣ ਅਤੇ ਬੱਚਿਆਂ ਲਈ ਖੇਡ ਖੇਤਰ ਸਥਾਪਤ ਕਰਨ ਬਾਰੇ ਵੀ ਪੁੱਛਿਆ। ਡੀਸੀ ਸਾਹਨੀ ਨੇ ਪੰਜਾਬ ਸਰਕਾਰ ਦੀਆਂ ਬਿਹਤਰ ਸਿਹਤ ਸਹੂਲਤਾਂ ਅਤੇ ਆਧੁਨਿਕ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।