ਡੀਸੀ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ
ਖੇਤਰੀ ਪ੍ਰਤੀਨਿਧ
ਪਟਿਆਲਾ, 27 ਅਕਤੂਬਰ
ਪਟਿਆਲਾ ਜਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ 26 ਹਜ਼ਾਰ 757 ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 5 ਲੱਖ 85 ਹਜ਼ਾਰ 705 ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਇਸ ਸਬੰਧੀ ਕਿਸਾਨਾਂ ਨੂੰ ਖਰੀਦੇ ਝੋਨੇ ਦੀ 100 ਫ਼ੀਸਦੀ 1213 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਤਹਿਤ ਹੁਣ ਕਿਸੇ ਵੀ ਖਰੀਦ ਏਜੰਸੀ ਵੱਲ ਕੋਈ ਬਕਾਇਆ ਨਹੀਂ ਹੈ। ਹੁਣ ਤੱਕ 2 ਲੱਖ ਟਨ ਤੋਂ ਵਧੇਰੇ ਮਾਲ ਦੀ ਲਿਫ਼ਟਿੰਗ ਹੋ ਚੁੱਕੀ ਹੈ। ਇਸ ਦੌਰਾਨ ਬੀਤੇ ਦਿਨ ਵਿੱਚ ਹੀ 37 ਹਜ਼ਾਰ ਟਨ ਦੀ ਲਿਫਟਿੰਗ ਕੀਤੀ ਗਈ।ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਮੌਕੇ ਦਿੱਤੀ। ਉਨ੍ਹਾਂ ਨਾਲ ਐੱਸਐੱਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ’ਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਵੀ ਕੀਤੀ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਝੋਨੇ ਦੀ ਨਿਰਵਿਘਨ ਖ਼ਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੁਲੀਸ ਮੁਖੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ, ਪੱਲੇਦਾਰਾਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਰਾਈਸ ਮਿੱਲਰਾਂ, ਪੱਲੇਦਾਰ, ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਦੇ ਤੁਰੰਤ ਨਿਪਟਾਰੇ ਦਾ ਭਰੋਸਾ ਦਿਵਾਇਆ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 87,282 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿੱਚੋਂ 67,665 ਮੀਟਰਿਕ ਟਨ ਝੋਨੇ ਦੀ ਖ਼ਰੀਦ ਵੀ ਕਰ ਲਈ ਗਈ ਹੈ।
ਖਰੀਦੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਦੀ ਹਦਾਇਤ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 2 ਲੱਖ 42 ਹਜ਼ਾਰ ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਕਰੀਬ 2 ਲੱਖ 13 ਹਜ਼ਾਰ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਖਰੀਦ, ਲਿਫਟਿੰਗ, ਅਦਾਇਗੀ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੰਡੀਆਂ ਵਿੱਚ ਝੋਨੇ ਦੀ ਆਮਦ ਵਧੇਗੀ ਅਤੇ ਇਸ ਲਈ ਖਰੀਦੇ ਹੋਏ ਮਾਲ ਦੀ ਲਿਫਟਿੰਗ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਸਮੂਹ ਐਸਡੀਐਮ ਤੇ ਡੀਐਸਪੀ, ਡੀਐਫਐਸਸੀ ਮੇਜਰ ਗੁਰਪ੍ਰੀਤ ਸਿੰਘ ਕੰਗ ਹਾਜ਼ਰ ਸਨ।