ਸੁਰਜੀਤ ਗੜ੍ਹੀ ਵੱਲੋਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦਾ ਜਾਇਜ਼ਾ
ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਨਵੰਬਰ
ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ’ਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸੇ ਕੜੀ ਵਜੋਂ ਪਟਿਆਲਾ ਸਥਿਤ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਵੀ ਇਹ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਜਸਮੇਰ ਸਿੰਘ ਲਾਛੜੂ ਨੇ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਅੱਜ ਹੀ ਸਿੱਖ ਪੰਥ ਦੀ ਸਿਰਮੌਰ ਸੰਸਥਾ ‘ਸ਼੍ਰੋਮਣੀ ਗੁਰਦੁਆਰਾ ਪ੍ਰ੍ਰਬੰਧਕ ਕਮੇਟੀ’ ਦਾ ਸਥਾਪਨਾ ਦਿਵਸ ਵੀ ਹੈ। ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਅੱਜ ਦੇ ਦਿਨ 15 ਨਵੰਬਰ 1904 ਨੂੰ ਹੀ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵੀ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਗੜ੍ਹੀ ਅੱਜ ਇਥੇ ਦੂਖਨਿਵਾਰਨ ਸਾਹਿਬ ਵਿਖੇ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਦੀ ਅਗਵਾਈ ਹੇਠਾਂ ਗੁਰਪੁਰਬ ਸਮਾਗਮ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ’ਤੇ ਉਨ੍ਹਾਂ ਨੇ ਜਿਥੇ ਮੁਲਜ਼ਮਾਂ ਨੂੰ ਮੈਨੇਜਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ, ਉਥੇ ਹੀ ਗੁਰਪੁਰਬ ਅਤੇ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਦੀ ਵਧਾਈ ਵੀ ਦਿੱਤੀ। ਇਸ ਮੌਕੇ ਸੁਰਿੰਦਰ ਸਿੰਘ ਘੁਮਾਣਾ, ਬਲਵਿੰਦਰ ਸਿੰਘ ਨੇਪਰਾਂ ਤੇ ਕੁਲਵਿੰਦਰ ਸਿੰਘ ਸੋਨੂੰ ਸਮੇਤ ਹੋਰ ਵੀ ਮੌਜੂਦ ਸਨ।