For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿਆਰੀਆਂ ਦਾ ਜਾਇਜ਼ਾ

07:18 AM Jun 04, 2024 IST
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਤਿਆਰੀਆਂ ਦਾ ਜਾਇਜ਼ਾ
ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਜੂਨ
ਲੋਕ ਸਭਾ ਚੋਣਾਂ ਲਈ 4 ਜੂਨ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਪੂਰੀ ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਸਾਰੇ ਇੰਤਜ਼ਾਮ ਮੁਕੰਮਲ ਹਨ। ਅੱਜ ਇੱਥੇ ਥਾਪਰ ਯੂਨੀਵਰਸਿਟੀ ਵਿੱਚ ਸਟਰੌਂਗ ਰੂਮ ਤੇ ਗਿਣਤੀ ਕੇਂਦਰ ਦਾ ਦੌਰਾ ਕਰ ਕੇ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲੈਂਦਿਆਂ, ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਸਬੰਧਤ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੋਟਾਂ ਦੀ ਗਿਣਤੀ ਅਬਜ਼ਰਵਰਾਂ, ਮਾਈਕਰੋ ਅਬਜ਼ਰਵਰਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਦੀ ਮੌਜੂਦਗੀ ’ਚ ਪੂਰੇ ਸੁਤੰਤਰ ਢੰਗ ਨਾਲ ਸਵੇਰੇ 8 ਵਜੇ ਸ਼ੁਰੂ ਕਰਵਾਈ ਜਾਵੇਗੀ। ਜਿਸ ਲਈ ਗਿਣਤੀ ਅਮਲਾ ਤੇ ਹੋਰ ਸਬੰਧਤ ਗਿਣਤੀ ਕੇਂਦਰਾਂ ਵਿੱਚ ਸਵੇਰੇ 6.30 ਵਜੇ ਪੁੱਜ ਜਾਵੇਗਾ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਪੁਖ਼ਤਾ ਪ੍ਰਬੰਧਾਂ ਦੇ ਚੱਲਦਿਆਂ 85 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਤੇ ਦਿਵਿਆਂਗਜਨਾਂ ਸਮੇਤ ਦੂਰ-ਦੁਰਾਡੇ ਡਿਊਟੀ ਕਰਦੇ ਮੁਲਾਜ਼ਮਾਂ ਦੀਆਂ ਵੋਟਾਂ ਲਾਜ਼ਮੀ ਪੁਆਉਣ ਲਈ ਉਨ੍ਹਾਂ ਨੂੰ ਪੋਸਟਲ ਬੈਲੇਟ ਪੇਪਰਜ਼ ਅਤੇ ਈਟੀਬੀਪੀਜ਼ ਮੁਹੱਈਆ ਕਰਵਾਏ ਗਏ ਸਨ। 2500 ਪੋਸਟਲ ਬੈਲੇਟ ਤੇ ਈਟੀਬੀਪੀਜ਼ ਪ੍ਰਾਪਤ ਹੋ ਚੁੱਕੇ ਹਨ। ਜਿਨ੍ਹਾਂ ਦੀ ਗਿਣਤੀ ਵੱਖਰੇ ਤੌਰ ’ਤੇ ਕਰਵਾਈ ਜਾਵੇਗੀ। ਜਿਸ ਲਈ ਪੋਸਟਲ ਬੈਲੇਟ ਪੇਪਰਾਂ ਅਤੇ ਈਟੀਬੀਪੀਜ਼ ਦੀ ਗਿਣਤੀ ਲਈ ਅਲੱਗ-ਅਲੱਗ ਮੇਜ ਲਗਾਏ ਗਏ ਹਨ। ਵੋਟਾਂ ਦੀ ਗਿਣਤੀ ਦੇ ਹਰ ਰਾਊਂਡ ਦੇ ਨਤੀਜੇ ਮੁਹੱਈਆ ਕਰਵਾਏ ਜਾਣਗੇ ਅਤੇ ਇਹ ਨਤੀਜੇ ਚੋਣ ਕਮਿਸ਼ਨ ਦੀ ਵੈੱਬਸਾਈਟ ਉਪਰ ਵੀ ਉਪਲਬੱਧ ਹੋਣਗੇ।ਗਿਣਤੀ ਕੇਂਦਰਾਂ ਵਿੱਚ ਮੀਡੀਆ ਦਾ ਦਾਖਲਾ ਅਥਾਰਟੀ ਲੈਟਰ ਨਾਲ ਹੋਵੇਗਾ ਅਤੇ ਇਨ੍ਹਾਂ ਅਧਿਕਾਰਤ ਪੱਤਰਕਾਰਾਂ ਦੀ ਸਹੂਲਤ ਲਈ ਥਾਪਰ ਯੂਨੀਵਰਸਿਟੀ ਵਿੱਚ ਮੁੱਖ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿੱਥੇ ਮੀਡੀਆ ਨੂੰ ਹਰ ਰਾਊਂਡ ਦੇ ਨਤੀਜਿਆਂ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ।
ਕਿਸੇ ਵੀ ਗਿਣਤੀ ਕੇਂਦਰ ਦੇ ਅੰਦਰ ਵੀਡੀਓ ਜਾਂ ਫੋਟੋ ਖਿੱਚਣ ਲਈ ਮੋਬਾਈਲ ਦੀ ਵਰਤੋਂ ਦੀ ਮਨਾਹੀ ਹੈ ਅਤੇ ਫੋਟੋ ਤੇ ਵੀਡੀਓ ਕੇਵਲ ਕੈਮਰੇ ਨਾਲ ਹੀ ਕੀਤੀ ਜਾ ਸਕਦੀ ਹੈ।
ਨਾਭਾ ਤੇ ਪਟਿਆਲਾ ਦਿਹਾਤੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਆਈਟੀਆਈ ਲੜਕੇ ਪਟਿਆਲਾ ’ਚ, ਪਟਿਆਲਾ ਸ਼ਹਿਰੀ ਹਲਕੇ ਦੀ ਮਹਿੰਦਰਾ ਕਾਲਜ, ਸਨੌਰ ਦੀ ਸਰਕਾਰੀ ਬਹੁ ਤਕਨੀਕੀ ਕਾਲਜ ਲੜਕੀਆਂ ਪਟਿਆਲਾ, ਰਾਜਪੁਰਾ, ਡੇਰਾਬੱਸੀ ਤੇ ਘਨੌਰ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਹੋਵੇਗੀ। ਜਦਕਿ ਸਮਾਣਾ ਅਤੇ ਸ਼ੁਤਰਾਣਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਪੋਲੋ ਗਰਾਊਂਡ ਦੇ ਸਪੋਰਟਸ ਕੰਪਲੈਕਸ ਵਿੱਚ ਜਿਮਨੇਜ਼ੀਅਮ ਹਾਲ ਵਿੱਚ ਹੋਵੇਗੀ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਸਮੂਹ ਗਿਣਤੀ ਕੇਂਦਰਾਂ ਦੁਆਲੇ ਤਿੰਨ ਪਰਤੀ ਸਖ਼ਤ ਸੁਰੱਖਿਆ ਪ੍ਰਬੰਧ ਹਨ। ਬਾਹਰ ਕੇਂਦਰੀ ਸੁਰੱਖਿਆ ਬਲ, ਪੰਜਾਬ ਆਰਮਡ ਪੁਲੀਸ ਅਤੇ ਜ਼ਿਲ੍ਹਾ ਪੁੁਲੀਸ ਤਾਇਨਾਤ ਹੈ। ਕਿਸੇ ਵੀ ਗੈਰਸਮਾਜੀ ਅਨਸਰ ਨੂੰ ਕਾਨੂੰਨ ਆਪਣੇ ਹੱਥ ’ਚ ਨਹੀਂ ਲੈਣ ਦਿੱਤਾ ਜਾਵੇਗਾ। ਵੋਟਾਂ ਦੀ ਗਿਣਤੀ, ਲੋਕਤੰਤਰੀ ਪ੍ਰਕਿਰਿਆ ਦਾ ਆਖਰੀ ਅਤੇ ਅਹਿਮ ਪੜਾਅ ਹੈ। ਇਸ ਲਈ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਕਿਸੇ ਵੀ ਤਰ੍ਹਾਂ ਦੀ ਤਣਾਅ ਪੂਰਨ ਅਤੇ ਘਬਰਾਹਟ ਵਾਲੀ ਸਥਿਤੀ ਨਾ ਪੈਦਾ ਹੋਣ ਦੇਣ।

Advertisement

ਸੰਗਰੂਰ ਟਰੈਫਿਕ ਪੁਲੀਸ ਵੱਲੋਂ ਬਦਲਵਾਂ ਰੂਟ ਪਲਾਨ ਜਾਰੀ

ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਗਰੂਰ ਲੋਕ ਸਭਾ ਹਲਕੇ ਦੀਆਂ ਵੋਟਾਂ ਦੀ ਭਲਕੇ 4 ਜੂਨ ਨੂੰ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਹੋਣ ਵਾਲੀ ਗਿਣਤੀ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਟਰੈਫ਼ਿਕ ਪੁਲੀਸ ਵਲੋਂ ਵਾਹਨ ਚਾਲਕਾਂ ਅਤੇ ਰਾਹਗੀਰਾਂ ਦੀ ਸਹੂਲਤ ਲਈ ਬਦਲਵਾਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲੇਰਕੋਟਲਾ ਵਾਲੇ ਪਾਸਿਓਂ ਧੂਰੀ ਅਤੇ ਸੰਗਰੂਰ ਵਿੱਚ ਆਉਣ ਵਾਲੇ ਭਾਰੀ ਵਾਹਨਾਂ ਲਈ ਬਦਲਵੇਂ ਰੂਟ ਵਜੋਂ ਗਰੇਵਾਲ ਚੌਕ ਤੋਂ ਵਾਇਆ ਅਮਰਗੜ੍ਹ ਤੋਂ ਬਾਗੜੀਆਂ ਤੋਂ ਛੀਂਟਾਵਾਲਾ ਵਾਇਆ ਭਲਵਾਨ ਹੁੰਦੇ ਹੋਏ ਸੰਗਰੂਰ ਵਿੱਚ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੰਗਰੂਰ ਵਾਲੇ ਪਾਸਿਓਂ ਮਾਲੇਰਕੋਟਲਾ ਵਿੱਚ ਜਾਣ ਵਾਲੇ ਵਾਹਨ ਚਾਲਕ ਮੈਕਸ ਆਟੋ ਤੋਂ ਨਾਨਕਿਆਨਾ ਸਾਹਿਬ ਚੌਕ ਤੋਂ ਭਲਵਾਨ, ਬਾਗੜੀਆਂ ਰਾਹੀਂ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਧੂਰੀ ਤੋਂ ਮਾਲੇਰਕੋਟਲਾ ਜਾਣ ਵਾਲੇ ਵਾਹਨ, ਧੂਰੀ- ਮਾਲੇਰਕੋਟਲਾ ਬਾਈਪਾਸ ਤੋਂ ਮੀਮਸਾ, ਬਾਗੜੀਆਂ ਤੋਂ ਹੁੰਦੇ ਹੋਏ ਮਾਲੇਰਕੋਟਲਾ ਵਿੱਚ ਪੁੱਜਣਗੇ।

Advertisement
Author Image

Advertisement
Advertisement
×