ਮੋਗਾ ਕਿਸਾਨ ਮਹਾਪੰਚਾਇਤ ਲਈ ਤਿਆਰੀਆਂ ਦਾ ਜਾਇਜ਼ਾ
ਸ਼ਗਨ ਕਟਾਰੀਆ
ਬਠਿੰਡਾ, 4 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੀ ਇੱਥੇ ਹੋਈ ਮੀਟਿੰਗ ਵਿੱਚ 9 ਜਨਵਰੀ ਨੂੰ ਮੋਗਾ ਵਿਖੇ ਹੋਣ ਵਾਲੀ ‘ਕਿਸਾਨ ਮਹਾ ਪੰਚਾਇਤ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਜੀਦਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਬੋਘ ਸਿੰਘ ਮਾਨਸਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਦਿੱਲੀ ਦੀਆਂ ਬਰੂਹਾਂ ’ਤੇ ਇੱਕ ਸਾਲ ਤੋਂ ਵੱਧ ਸਮਾਂ ਚੱਲੇ ਕਿਸਾਨ ਅੰਦੋਲਨ ਵਿੱਚ, ਜੋ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ ਸੀ, ਉਨ੍ਹਾਂ ਨੂੰ ਦੁਬਾਰਾ ਲਾਗੂ ਕਰਨ ਲਈ ਕੇਂਦਰ ਸਰਕਾਰ ਨੇ ਖਰੜਾ ਤਿਆਰ ਕਰਕੇ ਰਾਜ ਸਰਕਾਰਾਂ ਨੂੰ ਨਿਰਦੇਸ਼ ਭੇਜੇ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਮੰਡੀਕਰਨ ਸਬੰਧੀ ਕਾਨੂੰਨ ਉਹੀ ਹਨ, ਜਿਨ੍ਹਾਂ ਦੇ ਖਰੜੇ ਵਿੱਚ ਮੰਡੀਆਂ ਤੋੜਨਾ, ਪ੍ਰਾਈਵੇਟ ਵਪਾਰੀਆਂ ਨੂੰ ਕਿਸੇ ਵੀ ਸੂਬੇ ਵਿੱਚ ਜਾ ਕੇ ਫ਼ਸਲਾਂ ਖਰੀਦਣ ਦੀ ਖੁੱਲ੍ਹ ਦੇਣਾ, ਮੰਡੀ ਵਿੱਚ ਲਾਏ ਜਾਂਦੇ ਟੈਕਸਾਂ ਤੋਂ ਛੋਟ ਪ੍ਰਾਪਤ ਕਰਨੀ, ਪ੍ਰਾਈਵੇਟ ਸਾਈਲੋ ’ਜ਼ ਨੂੰ ਮੰਡੀ ਦਾ ਦਰਜਾ ਦੇਣਾ, ਨਵੇਂ ਸਾਈਲੋ ਲਾਉਣ ਦੀ ਆਗਿਆ ਦੇਣਾ, ਕਿਸਾਨ ਦੇ ਖੇਤਾਂ ਵਿੱਚੋਂ ਫ਼ਸਲ ਖਰੀਦਣਾ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੂਰੇ ਭਾਰਤ ਵਿੱਚ ਲਾਗੂ ਕੀਤੇ ਜਾਣੇ ਹਨ, ਜਿਸ ਨਾਲ ਫ਼ਸਲਾਂ ਦੀ ਲੁੱਟ ਦਾ ਦੌਰ ਸ਼ੁਰੂ ਹੋ ਜਾਵੇਗਾ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟਾਂ ਦੇ ਕਬਜ਼ੇ ਵਿੱਚ ਆ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵੱਲੋਂ ਮੋਗਾ ਵਿਖੇ ਹੋਣ ਵਾਲੀ ਕਿਸਾਨ ਮਹਾ ਪੰਚਾਇਤ ਵਿੱਚ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਆਰੰਭ ਕਰਨ ਲਈ ਤਿਆਰੀ ਕੀਤੀ ਜਾ ਸਕੇ।