ਸੰਸਦ ਮੈਂਬਰ ਅਮਰ ਸਿੰਘ ਵੱਲੋਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 28 ਅਕਤੂਬਰ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਐੱਮ.ਪੀ. ਡਾ. ਅਮਰ ਸਿੰਘ ਨੇ ਮਾਛੀਵਾੜਾ ਅਨਾਜ ਮੰਡੀ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀਆਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਵਨੀਤ ਬਿੱਟੂ ਉਨ੍ਹਾਂ ਦੇ ਹੀ ਸਾਥੀ ਰਹੇ ਹਨ ਪਰ ਹੁਣ ਉਨ੍ਹਾਂ ਦੀ ਕੇਂਦਰ ਸਰਕਾਰ ਨਾਲ ਨੇੜਤਾ ਹੈ ਪਰ ਉਹ ਗਲਤ ਅੰਕੜੇ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਲਈ ਜੋ 44 ਹਜ਼ਾਰ ਕਰੋੜ ਦਿੱਤਾ ਗਿਆ ਹੈ, ਉਹ ਕੇਂਦਰ ਨਹੀਂ ਬਲਕਿ ਰਿਜ਼ਰਵ ਬੈਂਕ ਵੱਲੋਂ ਦਿੱਤਾ ਜਾਂਦਾ ਹੈ ਜਿਸ ਦਾ ਸੂਬਾ ਸਰਕਾਰ ਵਿਆਜ਼ ਦਿੰਦੀ ਹੈ।
ਐੱਮ.ਪੀ. ਅਮਰ ਸਿੰਘ ਨੇ ਕਿਹਾ ਕਿ ਜੋ ਅੱਜ ਮੰਡੀਆਂ ਵਿੱਚ ਕਿਸਾਨ ਰੁਲ ਰਹੇ ਹਨ, ਉਸ ਲਈ ਕੇਂਦਰ ਤੇ ‘ਆਪ’ ਸਰਕਾਰ ਦੋਵੇਂ ਜ਼ਿੰਮੇਵਾਰ ਹਨ ਕਿਉਂਕਿ ਝੋਨੇ ਦੀ ਆਮਦ ਤੋਂ ਪਹਿਲਾਂ ਜੇਕਰ ਪੰਜਾਬ ਸਰਕਾਰ ਨੇ ਪਿਛਲਾ ਅਨਾਜ ਚੁਕਵਾਉਣ ਲਈ ਕੇਂਦਰ ਕੋਲ ਪਹਿਲਾਂ ਹੀ ਪਹੁੰਚ ਕੀਤੀ ਹੁੰਦੀ ਤਾਂ ਇਹ ਮਾੜੇ ਹਾਲਾਤ ਨਾ ਹੁੰਦੇ। ਉਨ੍ਹਾਂ ਕਿਹਾ ਕਿ ਮਾਛੀਵਾੜਾ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਦੀ ਕਾਫ਼ੀ ਗੰਭੀਰ ਸਮੱਸਿਆ ਹੈ, ਕਿਸਾਨ ਕਈ ਕਈ ਦਿਨਾਂ ਤੋਂ ਪ੍ਰੇਸ਼ਾਨ ਬੈਠੇ ਹਨ ਪਰ ਨਾ ਤਾਂ ਸੂਬਾ ਅਤੇ ਨਾ ਹੀ ਕੇਂਦਰ ਸਰਕਾਰ ਸ਼ੈਲਰ ਮਾਲਕਾਂ ਨੂੰ ਰਿਆਇਤਾਂ ਦੇ ਕੇ ਰਾਜ਼ੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਸ਼ੈਲਰ ਮਾਲਕਾਂ ਨੂੰ 67 ਕਿਲੋ ਦੀ ਬਜਾਏ 65 ਕਿਲੋ ਚਾਵਲ ਦੀ ਛੋਟ ਦਿੱਤੀ ਜਾਵੇ ਤਾਂ ਸਾਰੀ ਸਮੱਸਿਆ ਦਾ ਹੱਲ ਹੋ ਜਾਵੇਗਾ ਅਤੇ ਮੰਡੀਆਂ ’ਚੋਂ ਕਿਸਾਨਾਂ ਦਾ ਝੋਨਾ ਚੁੱਕਿਆ ਜਾਵੇਗਾ।
ਸਮਰਾਲਾ (ਡੀ ਪੀ ਐੱਸ ਬੱਤਰਾ): ਸਮਰਾਲਾ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਪੁੱਜੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਰੁਲਦੇ ਕਿਸਾਨ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਲਈ ਪੰਜਾਬ ਤੇ ਕੇਂਦਰ ਸਰਕਾਰ ਬਰਾਬਰ ਦੀਆਂ ਜ਼ਿੰਮੇਵਾਰ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੁੱਜੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਜੋ ਬੁਰੀ ਹਾਲਤ ਇਸ ਵਾਰ ਪੰਜਾਬ ਦੀ ਕਿਸਾਨੀ ਦੀ ਹੋਈ ਹੈ, ਉਹ ਨਾ-ਬਰਦਾਸ਼ਤ ਕਰਨਯੋਗ ਹੈ। ਇਸ ਦਾ ਖਮਿਆਜ਼ਾ ਪੰਜਾਬ ਅਤੇ ਕੇਂਦਰ ਦੀ ਸਰਕਾਰਾਂ ਨੂੰ ਭੁਗਤਣਾ ਪਵੇਗਾ।
ਇਸ ਮੌਕੇ ਹਰਪਾਲ ਸਿੰਘ ਢਿੱਲੋ, ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ, ਸਾਬਕਾ ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਜਤਿੰਦਰ ਸਿੰਘ ਜੋਗਾ ਸਰਪੰਚ ਬਲਾਲਾ ਤੇ ਬਲਾਕ ਕਾਂਗਰਸ ਦੇ ਪ੍ਰਧਾਨ ਸਨੀ ਦੂਆ ਆਦਿ ਵੀ ਹਾਜ਼ਰ ਸਨ।
ਅਜਨਾਲਾ ਵੱਲੋਂ ਅਨਾਜ ਮੰਡੀਆਂ ਦਾ ਦੌਰਾ
ਲੁਧਿਆਣਾ (ਗੁਰਿੰਦਰ ਸਿੰਘ): ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ ਨੇ ਸਾਥੀਆਂ ਸਮੇਤ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੇ ਦੁੱਖੜੇ ਸੁਣੇ। ਇਸ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਕਿਸਾਨ ਆਪਣੀ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ’ਚ ਰੁੱਲ ਰਿਹਾ ਹੈ। ਕਿਸਾਨਾਂ ਨੇ ਮਹਿੰਗੀਆਂ ਦਵਾਈਆਂ, ਖਾਦਾਂ ਅਤੇ ਡੀਜ਼ਲ ਵਰਤ ਕੇ ਪੈਦਾ ਕੀਤੇ ਝੋਨੇ ਨੂੰ ਆਨੇ-ਬਹਾਨੇ ਮੰਡੀਆਂ ’ਚੋਂ ਖ਼ਰੀਦਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਰੱਦ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਮੁੜ ਲਾਗੂ ਕਰਕੇ ਪੰਜਾਬ ਤੇ ਦੇਸ਼ ਦੇ ਕਿਸਾਨਾਂ ਨੂੰ ਸਬਕ ਸਿਖਾਉਣਾ ਚਾਹੁੰਦੀ ਹੈ, ਪਰ ਪੰਜਾਬ ਤੇ ਦੇਸ਼ ਦੇ ਕਿਸਾਨ ਅੱਜ ਵੀ ਭਾਜਪਾ ਦੇ ਕਿਸਾਨ ਤੇ ਲੋਕ ਵਿਰੋਧੀ ਇਸ ਏਜੰਡੇ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਤੇ ਮੰਡੀਆਂ ਵਿੱਚੋਂ ਚੱਕ ਚਕਾਈ ਨਾ ਹੋਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ 29 ਅਕਤੂਬਰ ਨੂੰ ਡੀਸੀ ਲੁਧਿਆਣਾ ਦੇ ਦਫ਼ਤਰ ਦਾ ਸਵੇਰੇ 11 ਵਜੇ ਤੋਂ 4 ਸ਼ਾਮ ਤੱਕ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋ, ਗੁਰਉਪਦੇਸ਼ ਸਿੰਘ ਘੁੰਗਰਾਣਾ, ਮਲਕੀਤ ਸਿੰਘ ਗਰੇਵਾਲ, ਜਗਮਿੰਦਰ ਸਿੰਘ ਬਿੱਟੂ ਲਲਤੋਂ ਖੁਰਦ, ਡਾ. ਅਜੀਤ ਰਾਮ ਸ਼ਰਮਾ ਝਾਂਡੇ, ਜਸਪਾਲ ਸਿੰਘ ਲਲਤੋਂ ਖੁਰਦ, ਨਛੱਤਰ ਸਿੰਘ, ਛਿੰਦਰਪਾਲ ਸਿੰਘ ਬੱਲੋਵਾਲ ਤੇ ਹਾਕਮ ਸਿੰਘ ਜੜਤੌਲੀ ਆਦਿ ਵੀ ਹਾਜ਼ਰ ਸਨ।
ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਐੱਮ.ਪੀ. ਨੂੰ ਮੰਗ ਪੱਤਰ
ਐੱਮ.ਪੀ. ਅਮਰ ਸਿੰਘ ਜਦੋਂ ਅੱਜ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਸਨ ਤਾਂ ਉੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਵੀ ਪੁੱਜੇ ਜਿਨ੍ਹਾਂ ਨੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਨੇ ਦੱਸਿਆ ਕਿ ਫ਼ਸਲ ਦੀ ਖਰੀਦ ਸ਼ੁਰੂ ਹੋਇਆਂ 1 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਕਿਸਾਨਾਂ ਦੀ ਸੁੱਕੀ ਫ਼ਸਲ ਵੀ ਨਹੀਂ ਵਿਕ ਰਹੀ। ਉਨ੍ਹਾਂ ਕਿਹਾ ਕਿ ਜਿਹੜੀ ਫ਼ਸਲ ਵਿਕੀ ਹੈ, ਉਸਦੀ ਲਿਫਟਿੰਗ ਨਹੀਂ ਹੋ ਰਹੀ ਜਿਸ ਕਾਰਨ ਮੰਡੀ ਵਿੱਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਢੇਰੀ ਕਰਨ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖਾਦ ਨਹੀਂ ਮਿਲ ਰਹੀ ਜਿਸ ਦਾ ਪ੍ਰਬੰਧ ਕਰਵਾਇਆ ਜਾਵੇ। ਐੱਮ.ਪੀ. ਅਮਰ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਸਮੱਸਿਆ ਦਾ ਹੱਲ ਕਰਵਾਉਣਗੇ।