ਡਿਪਟੀ ਕਮਿਸ਼ਨਰ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 30 ਸਤੰਬਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਝੋਨੇ ਦੇ ਖ਼ਰੀਦ ਪ੍ਰਬੰਧਾਂ ਜਾਇਜ਼ਾ ਲੈਣ ਲਈ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ ਸਭ ਤੋਂ ਪਹਿਲਾਂ ਝੋਨੇ ਦੀ ਆਮਦ ਰਾਜਪੁਰਾ ਵਿੱਚ ਸ਼ੁਰੂ ਹੁੰਦੀ ਹੈ। ਇਸ ਲਈ ਉਨ੍ਹਾਂ ਰਾਜਪੁਰਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ 109 ਮੰਡੀਆਂ ਤੇ 126 ਆਰਜ਼ੀ ਯਾਰਡ ਬਣਾਏ ਗਏ ਹਨ ਤੇ ਸਭ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਇਸ ਮੌਕੇ ਕਿਸਾਨਾਂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ। ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਣਸ ਮੰਡੀਆਂ ਵਿੱਚ ਸੁਕਾ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਪਖਾਨਿਆਂ ਦੀ ਸਫ਼ਾਈ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਸ ਮੌਕੇ ਨਿਊ ਗਰੇਨ ਮਾਰਕੀਟ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ ਅਤੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਮਿੰਟੂ ਗਰੋਵਰ ਆਦਿ ਹਾਜ਼ਰ ਸਨ।
ਪਰਾਲੀ ਪ੍ਰਬੰਧਨ ਦਾ ਲਿਆ ਜਾਇਜ਼ਾ
ਪਟਿਆਲਾ (ਸਰਬਜੀਤ ਸਿੰਘ ਭੰਗੂ): ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦਦਹੇੜੀਆ ਤੇ ਫ਼ਤਿਹਪੁਰ ਸਮੇਤ ਕੁਝ ਹੋਰ ਥਾਈਂ ਬੇਲਰ ਨਾਲ ਗੰਢਾ ਬਣਾਉਣ ਦਾ ਜਾਇਜ਼ਾ ਵੀ ਲਿਆ। ਉਨ੍ਹਾ ਨੇ ਖੇੜੀਗਘਡਿਆਂ, ਖਾਨਪੁਰ, ਦਦਹੇੜੀਆ ਤੇ ਫਤਿਹਪੁਰ ਦਾ ਦੌਰਾ ਵੀ ਕੀਤਾ ਤੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ।