ਐੱਸਡੀਐੱਮ ਵੱਲੋਂ ਮੰਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਰਾਮ ਸਰਨ ਸੂਦ
ਅਮਲੋਹ, 10 ਅਕਤੂਬਰ
ਅਮਲੋਹ ਸਬ-ਡਿਵੀਜ਼ਨ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਅਤੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਐੱਸਡੀਐੱਮ ਅਮਲੋਹ ਮਨਜੀਤ ਸਿੰਘ ਰਾਜਲਾ ਨੇ ਅਮਲੋਹ, ਬੁੱਗਾ ਕਲਾਂ, ਮਛਰਾਏ ਕਲਾਂ ਅਤੇ ਮੰਡੀ ਗੋਬਿੰਦਗੜ੍ਹ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ’ਚ ਆਪਣੀ ਜਿਣਸ ਲੈ ਕੇ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਰੀਦ ਪ੍ਰਬੰਧਾਂ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ ਇਸ ਲਈ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨ ਦੀ ਜਿਣਸ ਦੀ ਮੰਡੀ ’ਚ ਆਮਦ ਹੋਣ ਸਮੇਂ ਪੱਖਾ ਆਦਿ ਲੱਗਣ ਮਗਰੋਂ ਤੁਰੰਤ ਖ਼ਰੀਦ ਯਕੀਨੀ ਬਣਾਈ ਜਾਵੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਸੁਕਾ ਕੇ ਲਿਆਉਂਣ ਦੀ ਅਪੀਲ ਕੀਤੀ ਤਾਂ ਜੋਂ ਉਨ੍ਹਾਂ ਨੂੰ ਕੋਈ ਮੁਸ਼ਕਲ ਨਾ ਆਵੇ।