ਡਿਪਟੀ ਕਮਿਸ਼ਨਰਾਂ ਵੱਲੋਂ ਝੋਨੇ ਦੀ ਖਰੀਦ ਦਾ ਜਾਇਜ਼ਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਅਕਤੂਬਰ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਐੱਸਐੱਸਪੀ ਸਰਤਾਜ ਸਿੰਘ ਚਾਹਲ ਸਮੇਤ ਸਥਾਨਕ ਅਨਾਜ ਮੰਡੀ ਦਾ ਅਚਨਚੇਤ ਦੌਰਾ ਕਰਦਿਆਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਨਾਜ ਮੰਡੀ ’ਚ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਉਣ, ਐੱਮਐੱਸਪੀ ਤੋਂ ਘੱਟ ਖਰੀਦ ਕਿਸੇ ਕੀਮਤ ’ਤੇ ਨਾ ਹੋਣ ਦੇਣ, ਕਿਸਾਨਾਂ ਵੱਲੋਂ ਲਿਆਂਦੇ ਸੁੱਕੇ ਝੋਨੇ ਦੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕਰਨ ਅਤੇ ਸ਼ੈੱਲਰਾਂ ਵਿੱਚ ਲਿਜਾਏ ਜਾ ਰਹੇ ਮਾਲ ਦੇ ਸੁਖਾਵੇਂ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਇਹ ਦੌਰਾ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ।
ਇਸ ਮੌਕੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਤਾਰ ਸਾਰੇ ਪਿੰਡਾਂ ਵਿੱਚ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।
ਸਮਾਣਾ (ਸੁਭਾਸ਼ ਚੰਦਰ): ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਨਾਨਕ ਸਿੰਘ ਨੇ ਸਮਾਣਾ ਤੇ ਗਾਜੇਵਾਸ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਤੇ ਚੁਕਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।