ਕਿਸਾਨ ਆਗੂਆਂ ਵੱਲੋਂ 26 ਦੇ ਧਰਨੇ ਸਬੰਧੀ ਤਿਆਰੀਆਂ ਦਾ ਜਾਇਜ਼ਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਨਵੰਬਰ
ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਦੇਸ਼ ਵਿਆਪੀ ਸੱਦੇ ਤਹਿਤ 26 ਨਵੰਬਰ ਨੂੰ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਦਿੱਤੇ ਜਾਣ ਵਾਲੇ ਧਰਨਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕੀਤੀ। ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਇਹ ਮੀਟਿੰਗ ਬੋਘ ਸਿੰਘ ਮਾਨਸਾ ਤੇ ਰਾਮਿੰਦਰ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ 22 ਨਵੰਬਰ ਨੂੰ ਜ਼ਿਲ੍ਹਿਆਂ ਵਿੱਚ ਟ੍ਰੇਡ ਯੂਨੀਅਨਾਂ ਨਾਲ ਸਾਂਝੀਆਂ ਮੀਟਿੰਗਾਂ ਕਰਕੇ 26 ਨਵੰਬਰ ਦੇ ਧਰਨਿਆਂ ਦੀਆਂ ਤਿਆਰੀਆਂ ਨੂੰ ਆਖਰੀ ਛੋਹਾਂ ਦਿੱਤੀਆਂ ਜਾਣਗੀਆਂ।ਦਿੱਲੀ ਕਿਸਾਨ ਅੰਦੋਲਨ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੀ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਧਰਨੇ ਦਿੱਤੇ ਜਾਣਗੇ। ਜਿਨ੍ਹਾਂ ਵਿੱਚ ਸਾਰੀਆਂ ਫ਼ਸਲਾਂ ਤੇ ਐਮਐਸਪੀ ਉੱਪਰ ਖਰੀਦ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਕਿਸਾਨਾਂ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਹੋਣ ਤੇ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ, ਬਿਜਲੀ ਬਿੱਲ 2022 ਦੀ ਵਾਪਸੀ, ਸਰਕਾਰੀ ਖਰਚੇ ਤੇ ਫ਼ਸਲੀ ਬੀਮਾ ਯੋਜਨਾ ਲਾਗੂ ਕਰਨ, ਖਾਦਾਂ ਅਤੇ ਜਨਤਕ ਵੰਡ ਪ੍ਰਣਾਲੀ ਰਾਂਹੀ ਅਨਾਜ ਉਪਰ ਮਿਲ ਰਹੀ ਸਬਸਿਡੀ ਘਟਾਉਣ ਦਾ ਫ਼ੈਸਲਾ ਵਾਪਸ ਲੈਣ, ਚਾਰੇ ਲੇਬਰ ਕੋਡ ਨੂੰ ਰੱਦ ਕੀਤੇ ਜਾਣ ਆਦਿ ਮੰਗਾਂ ਉਠਾਈਆਂ ਜਾਣਗੀਆਂ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਮੌਕੇ ਕੱਚੀ ਪਰਚੀ ਅਤੇ ਕਾਟ ਲਗਾ ਕੇ ਕਿਸਾਨਾਂ ਦੀ ਕੀਤੀ ਲੁੱਟ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਇਸ ਦੀ ਭਰਪਾਈ ਕਰੇ।