ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੇ ਕੰਮ-ਕਾਜ ਦਾ ਜਾਇਜ਼ਾ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਜੂਨ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਬੈਂਕਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਰਜ਼ਾ ਸਕੀਮਾਂ ਰਾਹੀਂ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ। ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਸੀ.ਡੀ ਰੇਸ਼ੋ ਵਧਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਬੈਂਕਾਂ ਨੂੰ ਖੇਤੀਬਾੜੀ ਅਤੇ ਲਘੂ ਉਦਯੋਗਾਂ, ਸੇਵਾ ਖੇਤਰ, ਸਰਕਾਰੀ ਪ੍ਰੋਗਰਾਮਾਂ ਤਹਿਤ ਵੱਖ-ਵੱਖ ਸਕੀਮਾਂ ਅਤੇ ਕਰਜ਼ਿਆਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਵੀ ਕਿਹਾ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈਡ ਸੰਜੀਵ ਕੁਮਾਰ ਨੇ ਸੰਬੋਧਨ ਕੀਤਾ। ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਐਸਆਰਐਲਐਮ, ਐਨਯੂਐਲਐਮ ਆਦਿ ਦੇ ਅਧਿਕਾਰੀਆਂ ਅਤੇ ਬੈਂਕਾਂ ਦੇ ਡੀ.ਸੀ.ਓਜ਼ ਨੇ ਵੀ ਭਾਗ ਲਿਆ। ਉਨ੍ਹਾਂ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਦੇਣ ਲਈ ਵੀ ਕਿਹਾ ਤਾਂ ਕਿ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।