ਆਰਐੱਮਪੀਆਈ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ
ਗੁਰਬਖ਼ਸ਼ਪੁਰੀ
ਤਰਨ ਤਾਰਨ, 17 ਨਵੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਨੇ ਕੇਂਦਰ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਅੱਜ ਕੌਮੀ ਸ਼ਾਹ ਮਾਰਗ ’ਤੇ ਨੌਸ਼ਹਿਰਾ ਪੰਨੂਆਂ ਨੇੜੇ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਦੀ ਅਰਥੀ ਸਾੜੀ। ਪਾਰਟੀ ਦੇ ਆਗੂ ਸੁਖਦੇਵ ਸਿੰਘ ਜਵੰਦਾ ਅਤੇ ਮੰਗਲ ਸਿੰਘ ਦੀ ਅਗਵਾਈ ਵਿੱਚ ਕੀਤੇ ਇਸ ਇਕੱਠ ਨੂੰ ਪਾਰਟੀ ਆਗੂ ਬਲਦੇਵ ਸਿੰਘ ਪੰਡੋਰੀ ਮਨਜੀਤ ਸਿੰਘ ਬੱਗੂ, ਨਰਿੰਦਰ ਸਿੰਘ ਰਟੋਲ, ਕੈਪਟਨ ਸਿੰਘ ਕਾਹਲਵਾ ਅਤੇ ਬਲਵਿੰਦਰ ਸਿੰਘ ਫੈਲੋਕੇ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਵਿੱਚ ਬੇਲੋੜੀ ਦਖਲਅੰਦਾਜ਼ੀ ਕਰਨ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੇ ਦੇਸ਼ ਦੇ ਫੈਡਰਲ ਢਾਂਚੇ ਨੂੰ ਤਬਾਹ ਕਰਨ ਦਾ ਦੋਸ਼ ਲਗਾਇਆ। ਆਗੂਆਂ ਨੇ ਚੰਡੀਗੜ੍ਹ ਅੰਦਰ ਹਰਿਆਣਾ ਦੀ ਰਾਜਧਾਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਜ਼ਮੀਨ ਅਤੇ ਫੰਡ ਦੇਣ ਦੀ ਕਾਰਵਾਈ ਬੰਦ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਪਾਰਟੀ ਪੰਜਾਬ ਨਾਲ ਕੇਂਦਰ ਸਰਕਾਰ ਨੂੰ ਕਿਸੇ ਕਿਸਮ ਦੀ ਵਧੀਕੀ ਕਰਨ ਦੀ ਆਗਿਆ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਪਾਰਟੀ 21 ਨਵੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਕੇਂਦਰ ਸਰਕਾਰ ਦੀਆਂ ਸੂਬਿਆਂ ਖ਼ਿਲਾਫ਼ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਵਿਰੁੱਧ ਧਰਨਾ ਦੇ ਕੇ ਅਧਿਕਾਰੀਆਂ ਨੂੰ ਮੰਗ ਪੱਤਰ ਦੇਵੇਗੀ।