ਸੁੰਦਰ ਨਗਰ ਪੁਲੀ ਤੋਂ ਬਾਜਵਾ ਨਗਰ ਪੁਲੀ ਤੱਕ ਸੜਕ ਬਣਨੀ ਸ਼ੁਰੂ
ਗਗਨਦੀਪ ਅਰੋੜਾ
ਲੁਧਿਆਣਾ, 19 ਅਕਤੂਬਰ
ਸ਼ਹਿਰ ਦੇ ਵਿਧਾਨਸਭਾ ਹਲਕਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਨੇ ਅੱਜ ਸੁੰਦਰ ਨਗਰ ਪੁਲੀ ਤੋਂ ਬਾਜਵਾ ਨਗਰ ਪੁਲੀ ਤੱਕ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕਰਵਾਇਆ। ਵਿਧਾਇਕ ਬੱਗਾ ਵੱਲੋਂ ਨਾਲੇ ਦੇ ਨਾਲ-ਨਾਲ ਸੜਕ ਦੇ ਦੋ ਵੱਡੇ ਹਿੱਸੇ ਬਣਾਉਣ ਲਈ ਹਫ਼ਤੇ ਦੇ ਅੰਦਰ ਸ਼ੁਰੂ ਕੀਤਾ ਗਿਆ ਇਹ ਦੂਜਾ ਵੱਡਾ ਪ੍ਰਾਜੈਕਟ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ, ਵਿਧਾਇਕ ਤੇ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਹੈਬੋਵਾਲ ਮੁੱਖ ਪੁਲੀ ਤੋਂ ਚਾਂਦ ਸਿਨੇਮਾ ਪੁਲੀ ਤੱਕ ਬੁੱਢੇ ਨਾਲੇ ਦੇ ਨਾਲ-ਨਾਲ ਸੜਕ ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਸੀ।
ਵਿਧਾਇਕ ਬੱਗਾ ਨੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਹਨ ਕਿਉਂਕਿ ਇਹ ਪ੍ਰਾਜੈਕਟ ਆਵਾਜਾਈ ਨੂੰ ਸੁਚਾਰੂ ਬਣਾਉਣ ਵਿੱਚ ਸਹਾਈ ਹੋਣਗੇ। ਨਾਲ ਹੀ ਇਹ ਨਾਲੇ ਦੇ ਆਲੇ-ਦੁਆਲੇ ਪੈਂਦੇ ਇਲਾਕਿਆਂ ਵਿੱਚ ਵਿਕਾਸ ਨੂੰ ਹੁਲਾਰਾ ਦੇਣਗੇ। ਸੁੰਦਰ ਨਗਰ ਪੁਲੀ ਤੋਂ ਬਾਜਵਾ ਨਗਰ ਪੁਲੀ ਤੱਕ ਸੜਕ ਦੀ ਉਸਾਰੀ ਕਰੀਬ 60 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਅਤੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੇ ਨਾਲ-ਨਾਲ ਸੜਕ ਬਣਾਉਣ ਦੇ ਇਹ ਪ੍ਰਾਜੈਕਟ ਇੱਕ ਵੱਡੀ ਚੁਣੌਤੀ ਸੀ, ਪਰ ਉਹ ਵਚਨਬੱਧ ਸਨ ਅਤੇ ਹੁਣ ਇਨ੍ਹਾਂ ਇਲਾਕਿਆਂ ਅਤੇ ਇਲਾਕਾ ਨਿਵਾਸੀਆਂ ਦੀ ਬਿਹਤਰੀ ਲਈ ਪ੍ਰਾਜੈਕਟ ਸ਼ੁਰੂ ਕਰ ਦਿੱਤੇ ਗਏ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ’ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ’ਚ ਹਲਕਾ ਵਾਸੀਆਂ ਦੀ ਵੱਡੀ ਪੱਧਰ ’ਤੇ ਸਹੂਲਤ ਲਈ ਕਰੋੜਾਂ ਰੁਪਏ ਦੇ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।
ਵਿਧਾਇਕ ਪ੍ਰਾਸ਼ਰ ਵੱਲੋਂ ਪਾਣੀ-ਸੀਵਰ ਲਾਈਨ ਵਿਛਾਉਣ ਦੇ ਪ੍ਰਾਜੈਕਟ ਦਾ ਉਦਘਾਟਨ
ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਬਣਾਉਣ ਦੇ ਪ੍ਰਾਜੈਕਟ ਨੂੰ ਅੱਗੇ ਵਧਾਉਂਦੇ ਹੋਏ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨਿਚਰਵਾਰ ਨੂੰ ਢੋਕਾ ਮੁਹੱਲਾ ਪੁਆਇੰਟ ਤੋਂ ਮਾਧੋਪੁਰੀ ਪੁਲੀ ਤੱਕ ਸੜਕ ਦੇ ਹਿੱਸੇ ’ਤੇ ਪਾਣੀ-ਸੀਵਰ ਲਾਈਨ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਪਾਣੀ-ਸੀਵਰ ਲਾਈਨ ਵਿਛਾਉਣ ਦਾ ਪ੍ਰਾਜੈਕਟ ਇਸ ਲਈ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੁਧਿਆਣਾ ਕੇਂਦਰੀ ਹਲਕੇ ਵਿੱਚ ਨਾਲੇ ਦੇ ਦੂਜੇ ਪਾਸੇ ਸੜਕ ਬਣਨ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਪਰਾਸ਼ਰ ਨੇ ਦੱਸਿਆ ਕਿ ਕਰੀਬ 38.26 ਲੱਖ ਰੁਪਏ ਦੀ ਲਾਗਤ ਨਾਲ ਪਾਣੀ-ਸੀਵਰ ਲਾਈਨ ਵਿਛਾਈ ਜਾਵੇਗੀ ਅਤੇ ਹਲਕਾ ਲੁਧਿਆਣਾ ਕੇਂਦਰੀ ਵਿੱਚ ਬੁੱਢੇ ਨਾਲੇ ਦੇ ਦੂਜੇ ਪਾਸੇ ਸੜਕ ਦਾ ਨਿਰਮਾਣ ਜਲਦੀ ਹੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਾਲੇ ਦੇ ਦੂਜੇ ਪਾਸੇ ਸੜਕ ਦੀ ਉਸਾਰੀ ਨਾਲ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇਗਾ ਅਤੇ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਾਂ ਨੂੰ ਵੱਡੀ ਪੱਧਰ ’ਤੇ ਸਹੂਲਤ ਮਿਲੇਗੀ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਉਹ ਨਾਲੇ ਦੇ ਕਿਨਾਰੇ ਸੜਕ ਬਣਾਉਣ ਦੇ ਪ੍ਰਾਜੈਕਟ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਹਲਕਾ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਹੋਰ ਵੀ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।