ਨੌਜਵਾਨ ਦੀ ਮੌਤ ਮਗਰੋਂ ਜਨਤਕ ਜਥੇਬੰਦੀਆਂ ਵੱਲੋਂ ਸੜਕ ਜਾਮ
ਸ਼ੰਗਾਰਾ ਸਿੰਘ ਅਕਲੀਆ
ਜੋਗਾ, 22 ਨਵੰਬਰ
ਨਸ਼ੇ ਦੀ ਓਵਰਡੋਜ਼ ਨਾਲ ਮਜ਼ਦੂਰ ਪਰਿਵਾਰ ਦੇ 22 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪਿੰਡ ਅਕਲੀਆ ਦੇ ਇਸ ਨੌਜਵਾਨ ਦੀ ਲਾਸ਼ ਅੱਜ ਸਵੇਰੇ ਖੇਤਾਂ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬਲਜਿੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਵੀ ਨਸ਼ੇ ਕਾਰਨ ਅਕਲੀਆ ਅਤੇ ਜੋਗਾ ਵਿੱਚ ਕਈ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਇਹ ਨੌਜਵਾਨ ਪਰਿਵਾਰ ਵਿੱਚ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਲਗਪਗ ਛੇ ਮਹੀਨੇ ਪਹਿਲਾਂ ਉਸ ਦੇ ਪਿਤਾ ਗੁਰਦਾਸ ਸਿੰਘ ਦੀ ਮੌਤ ਹੋ ਚੁੱਕੀ ਹੈ। ਇਸ ਘਟਨਾ ਮਗਰੋਂ ਗੁੱਸੇ ਵਿੱਚ ਆਏ ਪਿੰਡ ਵਾਸੀਆਂ, ਨੌਜਵਾਨ ਸੇਵਾ ਸੁਸਾਇਟੀ, ਕਿਸਾਨ ਜਥੇਬੰਦੀਆਂ, ਮਜ਼ਦੂਰਾਂ ਨੇ ਮਾਨਸਾ-ਬਰਨਾਲਾ ਮੁੱਖ ਮਾਰਗ ਸੜਕ ’ਤੇ ਨੌਜਵਾਨ ਦੀ ਲਾਸ਼ ਰੱਖ ਕੇ ਧਰਨਾ ਲਾ ਦਿੱਤਾ। ਇਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੀ 15 ਮੈਂਬਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਜ਼ਿੰਮੇਵਾਰ ਪੁਲੀਸ ਅਫ਼ਸਰਾਂ ਖਿਲਾਫ਼ ਕਾਰਵਾਈ ਅਤੇ ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ।
ਡੀਐੱਸਪੀ ਪੁਸ਼ਪਿੰਦਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਥਾਣਾ ਜੋਗਾ ਪੁਲੀਸ ਨੇ ਚਾਰ ਆਣਪਛਾਤਿਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਦੋਸ਼ੀ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੌਜਵਾਨ ਦੀ ਲਾਸ਼ ਅੱਜ ਦੀ ਸਵੇਰੇ ਖੇਤਾਂ ਵਿੱਚੋਂ ਮਿਲੀ। ਕਿਸੇ ਰਾਹਗੀਰ ਨੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਨਸ਼ਾ ਤਸ਼ਕਰਾਂ ਦੀ ਗ੍ਰਿਫ਼ਤਾਰ ਤੱਕ ਧਰਨਾ ਜਾਰੀ ਰਹੇਗਾ ਅਤੇ ਨਾ ਹੀ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।