ਰੋਡਵੇਜ਼ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪੱਤਰ ਪ੍ਰੇਰਕ
ਤਰਨ ਤਾਰਨ, 17 ਜਨਵਰੀ
ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਜਥੇਬੰਦੀ ਦੀ ਸਥਾਨਕ ਡਿੱਪੂ ਇਕਾਈ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਰੋਸ ਦਿਖਾਵਾ ਕੀਤਾ ਗਿਆ| ਜਥੇਬੰਦੀ ਦੇ ਡਿੱਪੂ ਪ੍ਰਧਾਨ ਸਤਨਾਮ ਸਿੰਘ ਤੁੜ ਦੀ ਅਗਵਾਈ ਵਿੱਚ ਕੀਤੇ ਇਸ ਦਿਖਾਵੇ ਵਿੱਚ ਠੇਕਾ ਆਧਾਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਕੀਤੇ ਐਲਾਨ ਨੂੰ ਪੂਰਾ ਨਾ ਕਰਨ ਦੀ ਨਿਖੇਧੀ ਕੀਤੀ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਗੁਰਵੇਲ ਸਿੰਘ, ਰਾਜਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੇ 36,000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਐਲਾਲ ਕੀਤਾ ਸੀ ਜਿਹੜਾ ਕਿ ਅੱਜ ਤੱਕ ਵੀ ਲਾਗੂ ਨਹੀਂ ਕੀਤਾ ਜਾ ਸਕਿਆ| ਆਗੂਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵਲੋਂ ਮੁਲਾਜ਼ਮਾਂ ਨਾਲ ਝੂਠ ਬੋਲ ਕੇ ਕੀਤੀ ਧੋਖਾਧੜੀ ਤੋਂ ਸਮਾਜ ਦੇ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਅਜਿਹੀਆਂ ਸਰਕਾਰ ਅਤੇ ਪਾਰਟੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ|
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਿਛਲੀਆਂ ਚੋਣਾਂ ਮੌਕੇ ਕੀਤੇ ਵਾਅਦਿਆਂ ਵਿੱਚੋਂ ਵੱਡੀ ਗਿਣਤੀ ਨੂੰ ਅਜੇ ਤਕ ਪੂਰਾ ਨਹੀਂ ਕੀਤਾ ਜਿਸ ਕਾਰਨ ਲੋਕ ਪਾਰਟੀ ਤੋਂ ਨਾਰਾਜ਼ ਹਨ। ਇਸ ਖ਼ਮਿਆਜ਼ਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਲੋਕ ਵਾਅਦਿਆਂ ਤੋਂ ਭੱਜਣ ਵਾਲਿਆਂ ਨੂੰ ਮੁਆਫ਼ ਨਹੀਂ ਕਰਨਗੇ। ਲੋਕ ਹੁਣ ਲਾਰਿਆਂ ਵਿਚ ਨਹੀਂ ਆਉਣਗੇ।
ਇਸ ਦੌਰਾਨ ਜਥੇਬੰਦੀ ਨੇ 20 ਜਨਵਰੀ ਨੂੰ ਡੀਸੀ ਦਫ਼ਤਰ ਸਾਹਮਣੇ ਧਰਨਾ ਦੇਣ ਦਾ ਵੀ ਫ਼ੈਸਲਾ ਲਿਆ ਹੈ|