ਰੋਡਵੇਜ਼/ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ
ਜਲੰਧਰ, 3 ਅਪਰੈਲ
ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ 25/11 ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਬੱਸ ਅੱਡਿਆਂ ਉੱਪਰ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਦੋ ਘੰਟੇ ਲਈ ਬੱਸ ਅੱਡਾ ਬੰਦ ਰੱਖਿਆ। ਇਸ ਮੌਕੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਦੀ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਣੀ ਹੈ ਟਰਾਂਸਪੋਰਟ ਵਿਭਾਗ ਦੇ ਹਾਲਾਤ ਮਾੜੇ ਹੋ ਚੁੱਕੇ ਹਨ। ਮੌਜੂਦਾ ਸਰਕਾਰ ਦੂਜੀਆਂ ਸਰਕਾਰਾਂ ਵਾਂਗ ਵਾਰ-ਵਾਰ ਮੀਟਿੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਮੰਨ ਕੇ ਵੀ ਲਾਗੂ ਨਹੀਂ ਕਰ ਰਹੀ, ਕੱਚੇ ਮੁਲਾਜ਼ਮਾਂ ਨੂੰ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮੈਨੇਜਮੈਂਟ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਿਸੀ ਹੁਣ ਤੱਕ ਤਿਆਰ ਨਹੀਂ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ।
ਪਠਾਨਕੋਟ (ਪੱਤਰ ਪ੍ਰੇਰਕ): ਪੰਜਾਬ ਰੋਡਵੇਜ਼ ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਅੱਜ ਬੱਸ ਅੱਡੇ ’ਤੇ 2 ਘੰਟੇ ਹੜਤਾਲ ਕਰ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਬਜਟ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ। ਇਸ ਮੌਕੇ ਕਮਲਜੋਤੀ, ਵਿਜੇ ਕੁਮਾਰ, ਵਿਜੇ ਸ਼ਰਮਾ, ਬਲਵਿੰਦਰ ਸਿੰਘ, ਜੋਗਿੰਦਰ ਪਾਲ ਲਵਲੀ ਅਤੇ ਦਿਲਬਾਗ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਹਰ ਵਾਰ ਟਾਲ ਮਟੋਲ ਕਰਕੇ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਉਹ ਪਿਛਲੇ ਕਾਫੀ ਸਮੇਂ ਤੋਂ ਕੰਟਰੈਕਟ ’ਤੇ ਹੀ ਚੱਲੇ ਆ ਰਹੇ ਹਨ। ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਮਜਬੂਰ ਹੋ ਕੇ ਉਨ੍ਹਾਂ ਵੱਲੋਂ ਅੱਜ ਦੀ ਇਹ 2 ਘੰਟੇ ਹੜਤਾਲ ਕਰਨੀ ਪਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 7-8-9 ਅਪਰੈਲ ਨੂੰ ਪੂਰੇ ਪੰਜਾਬ ਵਿੱਚ ਬੱਸ ਅੱਡੇ ਜਾਮ ਕੀਤੇ ਜਾਣਗੇ।