ਨਿੱਜੀ ਕੰਪਨੀ ਦੇ ਮੁਲਾਜ਼ਮ ਕੋਲੋਂ 10 ਲੱਖ ਰੁਪਏ ਲੁੱਟੇ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਜੂਨ
ਚਾਰ ਹਥਿਆਰਬੰਦ ਲੁਟੇਰਿਆਂ ਨੇ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੜੇ ਪੁਰਾਣੀ ਚੁੰਗੀ ਕੋਲ ਇਕ ਮੈਨੇਜਮੈਂਟ ਕੰਪਨੀ ਦੇ ਮੁਲਾਜ਼ਮ ਸ਼ਰਨਜੀਤ ਸਿੰਘ ਤੋਂ 10 ਲੱਖ ਰੁਪਏ ਦੀ ਨਕਦੀ ਲੁੱਟ ਲਈ ਹੈ। ਇਹ ਘਟਨਾ ਸਵੇਰੇ 9.30 ਵਜੇ ਵਾਪਰੀ। ਜਾਣਕਾਰੀ ਅਨੁਸਾਰ ਸ਼ਰਨਜੀਤ ਸਵੇਰੇ ਕਬੀਰ ਪਾਰਕ ਵਾਲੇ ਪਾਸੇ ਜਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਨੂੰ ਰੋਕ ਕੇ ਅੱਖਾਂ ਵਿੱਚ ਲਾਲ ਮਿਰਚਾਂ ਪਾ ਦਿੱਤੀਆਂ ਤੇ ਨਕਦੀ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਪਰ ਉਹ ਵਿਰੋਧ ਕਰਦਾ ਰਿਹਾ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਲੁਟੇਰੇ ਉਸ ਕੋਲੋਂ ਨਕਦੀ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਜ਼ਖ਼ਮੀ ਕਰਮਚਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਸਹਾਇਕ ਪੁਲੀਸ ਕਮਿਸ਼ਨਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਅਧਿਕਾਰੀ ਅਤੇ ਇਸਲਾਮਾਬਾਦ ਤੇ ਛੇਹਰਟਾ ਥਾਣਿਆਂ ਦੇ ਐੱਸਐੱਚਓਜ਼ ਸਮੇਤ ਪੁਲੀਸ ਕਰਮਚਾਰੀ ਮੌਕੇ ‘ਤੇ ਪੁੱਜੇ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਸ਼ਰਨਜੀਤ ਰੈਡੀਐਂਟ ਕੈਸ਼ ਮੈਨੇਜਮੈਂਟ ਫਰਮ ਦਾ ਮੁਲਾਜ਼ਮ ਹੈ, ਜੋ ਵੱਖ-ਵੱਖ ਅਦਾਰਿਆਂ ਤੋਂ ਨਕਦੀ ਲੈ ਕੇ ਬੈਂਕਾਂ ਵਿੱਚ ਜਮ੍ਹਾ ਕਰਵਾਉਣ ਦਾ ਕੰਮ ਕਰਦਾ ਹੈ। ਮੁਢਲੀ ਜਾਂਚ ‘ਚ ਇਹ ਸਾਹਮਣੇ ਆਇਆ ਹੈ ਕਿ ਲੁੱਟੀ ਗਈ ਰਾਸ਼ੀ ਦੀ ਕੀਮਤ ਕਰੀਬ 10 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਲੁਟੇਰਿਆ ਬਾਰੇ ਸੁਰਾਗ ਲੱਭਣ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਜ਼ਖ਼ਮੀ ਹੋਏ ਮੁਲਾਜ਼ਮ ਕੋਲੋਂ ਵੀ ਪੁੱਛ-ਪੜਤਾਲ ਕਰ ਰਹੀ ਹੈ।