ਰੋਬੋਟ ਕਦੇ ਵੀ ਅਧਿਆਪਕ ਦਾ ਬਦਲ ਨਹੀਂ ਹੋ ਸਕਦੇ: ਡੀਟੀਐੱਫ
ਖੇਤਰੀ ਪ੍ਰਤੀਨਿਧ
ਪਟਿਆਲਾ, 22 ਨਵੰਬਰ
ਮਸਨੂਈ ਬੌਧਿਕਤਾ (ਏਆਈ) ਤਕਨੀਕ ਰਾਹੀਂ ਰੋਬੋਟ ਨੂੰ ਅਧਿਆਪਕ ਵਜੋਂ ਲਿਆਉਣ ਦਾ ਇੱਕ ਸੰਵੇਦਨਸ਼ੀਲ ਮਾਮਲਾ ਸਾਹਮਣੇ ਆਇਆ ਹੈ। ਅਧਿਆਪਨ ਖੇਮੇ ਨੇ ਇਸ ਤਜਰਬੇ ਨੂੰ ਜਨਤਕ ਅਤੇ ਨਿੱਜੀ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਘਟਾਉਣ ਅਤੇ ਸਿੱਖਿਆ ਨੂੰ ਮਨੁੱਖੀ ਭਾਵਨਾ ਤੋਂ ਰਹਿਤ ਕਰਨ ਵੱਲ ਸੇਧਿਤ ਮਾਰੂ ਕਦਮ ਕਰਾਰ ਦਿੱਤਾ ਹੈ। ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਏਆਈ ਰਾਹੀਂ ਸਕੂਲਾਂ, ਕਾਲਜਾਂ, ਹੋਟਲਾਂ, ਫੈਕਟਰੀਆਂ ਸਭ ਜਗ੍ਹਾ ’ਤੇ ਮਨੁੱਖੀ ਕਿਰਤ ਸ਼ਕਤੀ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਮਨੁੱਖ ਦੀ ਕਿਰਤ ਸ਼ਕਤੀ ਦਾ ਮਿਹਨਤਾਨਾ ਦੇਣ ਦੀ ਲੋੜ ਨਾ ਰਹੇ। ਉਨ੍ਹਾਂ ਕਿਹਾ ਕਿ ਇੱਕ ਰੋਬੋਟ ਕਦੇ ਵੀ ਅਧਿਆਪਕ ਦਾ ਬਦਲ ਨਹੀਂ ਹੋ ਸਕਦਾ। ਆਗੂਆਂ ਨੇ ਏਆਈ ਤਕਨੀਕ ਰਾਹੀਂ ਅਧਿਆਪਕ ਦੇ ਬਦਲ ਤਿਆਰ ਕਰਨ ਤੇ ਸਿੱਖਿਆ ਦੇ ਨਿੱਜੀਕਰਨ ’ਤੇ ਮੁਕੰਮਲ ਰੋਕ ਲਗਾਉਣ ਦੀ ਮੰਗ ਕੀਤੀ ਹੈ। ਡੀਟੀਐੱਫ ਆਗੂਆਂ ਨੇ ਸਮੁੱਚੇ ਅਧਿਆਪਕ ਵਰਗ ਨੂੰ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੁਚੇਤ ਹੋ ਕੇ ਸੰਘਰਸ਼ਾਂ ਦਾ ਵੱਧ ਚੜ੍ਹ ਕੇ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ।