For the best experience, open
https://m.punjabitribuneonline.com
on your mobile browser.
Advertisement

ਕਾਰਪੋਰੇਟ ਘਰਾਣਿਆਂ ਦੇ ਪੱਖ ’ਚ ਭੁਗਤ ਰਹੇ ਨੇ ਹਾਕਮ: ਉਗਰਾਹਾਂ

08:51 AM Aug 11, 2024 IST
ਕਾਰਪੋਰੇਟ ਘਰਾਣਿਆਂ ਦੇ ਪੱਖ ’ਚ ਭੁਗਤ ਰਹੇ ਨੇ ਹਾਕਮ  ਉਗਰਾਹਾਂ
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਆਤਿਸ਼ ਗੁਪਤਾ/ ਗੁਰਦੀਪ ਸਿੰਘ ਲਾਲੀ
ਚੰਡੀਗੜ੍ਹ/ਸੰਗਰੂਰ, 10 ਅਗਸਤ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੂਬੇ ’ਚ 14 ਜ਼ਿਲ੍ਹਿਆਂ ਵਿੱਚ 31 ਥਾਵਾਂ ’ਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਕੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਗਏ। ਇਸ ਦੌਰਾਨ ਸੈਂਕੜੇ ਕਿਸਾਨਾਂ ਵੱਲੋਂ ਸੰਗਰੂਰ ਵਿੱਚ ਵਿਸ਼ਾਲ ਰੋਸ ਮਾਰਚ ਕਰਦਿਆਂ ਡੀਸੀ ਦਫ਼ਤਰ ਅੱਗੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਥੇ ਅਨਾਜ ਮੰਡੀ ਵਿੱਚ ਕੀਤੀ ਰੋਸ ਰੈਲੀ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕੀਤਾ। ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰਾਂ ਭਾਵੇਂ ਕਿਸੇ ਵੀ ਸਿਆਸੀ ਪਾਰਟੀਆਂ ਦੀਆਂ ਸੱਤਾ ਵਿੱਚ ਹੋਣ ਪਰੰਤੂ ਹਮੇਸ਼ਾ ਹੀ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲੋਕਾਂ ਦੇ ਜਨਤਕ ਅਦਾਰੇ ਕੌਡੀਆਂ ਦੇ ਭਾਅ ਵੇਚ ਦਿੰਦੀਆਂ ਹਨ। ਸਮੇਂ ਦੀਆਂ ਹਕੂਮਤਾਂ ਦੇਸ਼ ਦੇ ਖਣਿਜ ਪਦਾਰਥ, ਲੋਕਾਂ ਦੀਆਂ ਜ਼ਮੀਨਾਂ ਅਤੇ ਸੜਕਾਂ ਕਾਰਪੋਰੇਟਾਂ ਦੇ ਹਵਾਲੇ ਕਰ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਭਾਰਤ ਦੇਸ਼ ਵਿਸ਼ਵ ਵਪਾਰ ਸੰਸਥਾ ਤੋਂ ਬਾਹਰ ਆਵੇ, ਸਵਾਮੀਨਾਥਨ ਦੇ ਫਾਰਮੂਲੇ ਮੁਤਾਬਕ ਫਸਲਾਂ ਦੇ ਭਾਅ ਦਿੱਤੇ ਜਾਣ, ਮੁਆਵਜ਼ੇ ਦੀ ਅਦਾਇਗੀ ਲਈ ਵੱਧ ਤੋਂ ਵੱਧ ਪੰਜ ਏਕੜ ਦੀ ਸ਼ਰਤ ਖਤਮ ਕੀਤੀ ਜਾਵੇ, ਖੇਤੀ ਸੈਕਟਰ ਨੂੰ ਵਿਸ਼ਵ ਵਪਾਰ ਸੰਸਥਾ, ਵਿਸ਼ਵ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿਚੋਂ ਮੁਕਤ ਕਰਵਾਇਆ ਜਾਵੇ, ਧਰਤੀ ਹੇਠਲੇ ਪਾਣੀ ਦੀ ਮੁੜ ਭਰਪਾਈ ਵਾਸਤੇ ਵਿਗਿਆਨਕ ਢਾਂਚਾ ਵਰਤਿਆ ਜਾਵੇ, ਸੂਦਖੋਰਾਂ ਅਤੇ ਕਾਰਪੋਰੇਟਾਂ ’ਤੇ ਸਿੱਧੇ ਅਤੇ ਮੋਟੇ ਟੈਕਸ ਲਗਾਏ ਜਾਣ, ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਖਤਮ ਕੀਤਾ ਜਾਵੇ, ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਸਾਰਾ ਕਰਜ਼ਾ ਖਤਮ ਕੀਤਾ ਜਾਵੇ, ਸੂਦਖੋਰਾਂ ਵੱਲੋਂ ਹਾਸਲ ਕੀਤੇ ਦਸਤਖ਼ਤ/ਅੰਗੂਠੇ ਵਾਲੇ ਖਾਲੀ ਚੈੱਕ/ਪਰਨੋਟ/ਅਸ਼ਟਾਮ ਦੀ ਮਾਨਤਾ ਖਤਮ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਿਸਾਨਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਖੇਤੀ ਲਾਗਤਾਂ ’ਤੇ ਸਬਸਿਡੀ ਮੁੜ ਸ਼ੁਰੂ ਕੀਤੀ ਜਾਵੇ।

Advertisement

ਡੀਸੀ ਦਫ਼ਤਰਾਂ ਅੱਗੇ ਦਿਨ-ਰਾਤ ਮੋਰਚੇ ਲਾਉਣ ਦਾ ਐਲਾਨ

ਕਿਸਾਨਾਂ ਨੇ ‘ਆਪ’ ਸਰਕਾਰ ਦੀਆਂ ਵਾਅਦਾਖ਼ਿਲਾਫੀਆਂ ਵਿਰੁੱਧ 27 ਤੋਂ 31 ਅਗਸਤ ਤੱਕ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਪੰਜ ਰੋਜ਼ਾ ਦਿਨ-ਰਾਤ ਦੇ ਮੋਰਚੇ ਲਗਾਉਣ ਦਾ ਐਲਾਨ ਵੀ ਕੀਤਾ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਫ਼ੌਜਦਾਰੀ ਕਾਨੂੰਨਾਂ ਵਿਰੁੱਧ 15 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ।

Advertisement

Advertisement
Author Image

Advertisement