ਦਿਹਾਤੀ ਮਜ਼ਦੂਰ ਸਭਾ ਵੱਲੋਂ ਐੱਸਡੀਐੱਮ ਦਫ਼ਤਰ ਅੱਗੇ ਧਰਨਾ
ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 8 ਜਨਵਰੀ
ਅੱਜ ਦਿਹਾਤੀ ਮਜ਼ਦੂਰ ਸਭਾ ਤਹਿਸੀਲ ਕਮੇਟੀ ਰਤੀਆ ਵੱਲੋਂ ਤਹਿਸੀਲ ਮੁਖੀ ਬਲਵਿੰਦਰ ਸਿੰਘ ਕ੍ਰਾਂਤੀ ਅਤੇ ਤਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਸਕੱਤਰ ਜਸਪਾਲ ਸਿੰਘ ਖੁੰਡਨ ਨੇ ਕੀਤੀ। ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜੇਸ਼ ਚੌਬਾਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।
ਧਰਨੇ ਵਿੱਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਕਾਮਰੇਡ ਤੇਜਿੰਦਰ ਸਿੰਘ ਰਤੀਆ ਹਾਜ਼ਰ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਰਾਜੇਸ਼ ਚੌਬਾਰਾ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਖ਼ਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਸ਼ ਦੀ ਸੰਸਦ ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਕਰਨ ’ਤੇ ਦੇਸ਼ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਵਿੱਚ ਮਜ਼ਦੂਰਾਂ ਦੀ ਹਾਲਤ ਬਹੁਤ ਤਰਸਯੋਗ ਹੈ। ਸਰਕਾਰ ਨੇ ਮਨਰੇਗਾ ਦੇ ਬਜਟ ਵਿੱਚ 46 ਫ਼ੀਸਦ ਦੀ ਕਟੌਤੀ ਕੀਤੀ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਦੇਸ਼ ਅਤੇ ਸੂਬੇ ਦੀਆਂ ਭਾਜਪਾ ਸਰਕਾਰਾਂ ਮਜ਼ਦੂਰ ਵਿਰੋਧੀ ਹਨ। ਆਗੂਆਂ ਨੇ ਕਿਹਾ ਕਿ ਸਭ ਕੁਝ ਅਡਾਨੀ ਅੰਬਾਨੀ ਲਈ ਹੋ ਰਿਹਾ ਹੈ, ਦੇਸ਼ ਦੀਆਂ ਮੁਨਾਫ਼ੇ ਵਾਲੀਆਂ ਕੰਪਨੀਆਂ ਨੂੰ ਮਹਿੰਗੇ ਭਾਅ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਜਮਹੂਰੀ ਕਿਸਾਨ ਸਭਾ ਤਹਿਸੀਲ ਰਤੀਆ ਦੇ ਕਨਵੀਨਰ ਰਮੇਸ਼ ਰੱਤਾਖੇੜਾ ਨੇ ਕਿਹਾ ਕਿ ਸਾਡੀ ਜਥੇਬੰਦੀ ਪੇਂਡੂ ਮਜ਼ਦੂਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਮਨਰੇਗਾ ਨੂੰ ਖੇਤੀ ਨਾਲ ਜੋੜਿਆ ਜਾਵੇ। ਧਰਨੇ ਨੂੰ ਬਲਵਿੰਦਰ ਸਿੰਘ ਮਹਿਮਾ ਸਾਬਕਾ ਪ੍ਰਧਾਨ, ਸੇਵਾਮੁਕਤ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜੋਦਾ ਸਿੰਘ ਸਿਰਸਾ, ਰਾਮਭਗਤ ਗੁੱਗਾਮਾੜੀ, ਦਿਹਾਤੀ ਮਜ਼ਦੂਰ ਸਭਾ ਸ਼ਹਿਰੀ ਕਮੇਟੀ ਮੈਂਬਰ ਭੋਲਾ ਸਿੰਘ ਨਕੌਤਾ, ਅਮਰੀਕ ਕੌਰ ਮੈਂਬਰ ਖੁੰਡਨ ਕਮੇਟੀ ਨੇ ਵੀ ਸੰਬੋਧਨ ਕੀਤਾ।