ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

SAD Political Crises: ਸੁਖਬੀਰ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ’ਤੇ ਅਕਾਲ ਤਖ਼ਤ ਵੱਲੋਂ ਸੱਦੀ ਮੀਟਿੰਗ ਵਿਚ ਵਿਦਵਾਨਾਂ ਨੇ ਦਿੱਤੇ ਸੁਝਾਅ

04:34 PM Nov 06, 2024 IST
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੁਲਾਈ ਗਈ ਇਕੱਤਰਤਾ ਵਿਚ ਹਾਜ਼ਰ ਸਿੱਖ ਵਿਦਵਾਨ ਤੇ ਬੁੱਧੀਜੀਵੀ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਨਵੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਇਸ ਸਬੰਧੀ ਅਗਲੇਰੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਅਕਾਲ ਤਖ਼ਤ ਵੱਲੋਂ ਇਨ੍ਹਾਂ ਨੂੰ ਵਿਚਾਰਨ ਉਪਰੰਤ ਅਗਲੇਰੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਇਸ ਇਕੱਤਰਤਾ ਵਿਚ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ।
ਇਸ ਮੌਕੇ ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ਪੰਥ ਵਿਚ ਕੌਮੀ ਮੁੱਦਿਆਂ ’ਤੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਹਮੇਸ਼ਾ ਰਵਾਇਤ ਰਹੀ ਹੈ ਅਤੇ ਇਸ ਰਵਾਇਤ ਨੂੰ ਅੱਗੇ ਤੋਂ ਵੀ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ ’ਤੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਵਿਸ਼ਾਲ ਪੰਥਕ ਸੰਦਰਭ ਵਿਚ ਕੌਮ ਦੀ ਸਾਂਝੀ ਅਤੇ ਇਤਫ਼ਾਕ ਰਾਇ ਨੂੰ ਸਿੱਖ ਸੰਸਥਾਵਾਂ ਦੇ ਅਮਲਾਂ ਦਾ ਹਿੱਸਾ ਬਣਾ ਕੇ ਪੰਥ ਨੂੰ ਨਵੇਂ ਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ।
ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਪਰੀਮ ਕੋਰਟ ਦੇ ਵਕੀਲ ਐਚਐਸ ਫੂਲਕਾ, ਸਿੱਖ ਵਿਦਵਾਨ ਹਰ ਸਿਮਰਨ ਸਿੰਘ, ਅਮਰਜੀਤ ਸਿੰਘ, ਸਰਬਜੀਤ ਸਿੰਘ ਤੇ ਹੋਰ ਸ਼ਾਮਿਲ ਸਨ।
ਸਿੱਖ ਵਿਦਵਾਨਾਂ ਕੋਲੋਂ ਇਸ ਸਬੰਧੀ ਰਾਇ ਲੈਣ ਤੋਂ ਬਾਅਦ ਹੁਣ ਸਿੱਖ ਜਥੇਬੰਦੀਆਂ ਦੀ ਵੀ ਇੱਕ ਮੀਟਿੰਗ ਸੱਦੇ ਜਾਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਇਸ ਮਾਮਲੇ ਬਾਰੇ ਆਪਸੀ ਸਲਾਹ ਮਸ਼ਵਰੇ ਨਾਲ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Advertisement

Advertisement