ਗੁਰਦੁਆਰਾ ਸ੍ਰੀ ਟੋਕਾ ਸਾਹਿਬ ’ਚ ਸਫ਼ਰ-ਏ-ਦਸ਼ਮੇਸ਼ ਸਮਾਗਮ
ਫਰਿੰਦਰ ਪਾਲ ਗੁਲਿਆਨੀ
ਨਰਾਇਣਗੜ੍ਹ, 3 ਦਸੰਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਪੰਜਕਲਾਂ ਦੇ ਹੈੱਡ ਗ੍ਰੰਥੀ ਦੀ ਦੇਖ-ਰੇਖ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿੱਚ ਸਫ਼ਰ-ਏ-ਦਸ਼ਮੇਸ਼ ਸਮਾਗਮ ਕਰਵਾਇਆ ਗਿਆ। ਇਸ ਵਿੱਚ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਸਮਾਗਮ ਵਿਚ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸ਼ੋਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜਗਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਅਤੇ ਚਰਨਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਅੰਬ ਸਾਹਿਬ ਨੇ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ।
ਗੁਰਦੁਆਰਾ ਸ੍ਰੀ ਨਾਡਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ ਨੇ ਦਸਵੇਂ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਤੱਕ ਦੀ ਯਾਤਰਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਨਾਹਨ ਦੇ ਰਾਜਾ ਮੇਦਨੀ ਪ੍ਰਕਾਸ਼ ਦੇ ਕਹਿਣ ’ਤੇ ਦਸਮ ਪਿਤਾ ਜੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਨਾਡਾ ਸਾਹਿਬ, ਟੋਕਾ ਸਾਹਿਬ, ਕਪਾਲ ਮੋਚਨ ਅਤੇ ਹੋਰ ਸਥਾਨਾਂ ਤੋਂ ਹੁੰਦੇ ਹੋਏ ਨਾਹਨ ਪਹੁੰਚੇ ਸਨ ਅਤੇ ਮੇਦਨੀ ਪ੍ਰਕਾਸ਼ ਦੇ ਕਹਿਣ ’ਤੇ ਪਾਉਂਟਾ ਸਾਹਿਬ ਨਗਰ ਵਸਾਇਆ ਸੀ। ਸਮਾਗਮ ਵਿੱਚ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ ਨੇ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੇ ਪ੍ਰਧਾਨ ਮਹਿੰਦਰ ਸਿੰਘ, ਸਾਬਕਾ ਚੇਅਰਮੈਨ ਗੁਰਪਾਲ ਸਿੰਘ, ਦਲਬੀਰ ਸਿੰਘ ਬਿੱਟੂ, ਹਰਿਆਣਾ ਸਿੱਖ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਵਣ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਰਬਜੀਤ ਸਿੰਘ ਜੰਮੂ, ਗੁਰਦੁਆਰਾ ਨਾਡਾ ਸਾਹਿਬ ਦੇ ਮੀਤ ਮੈਨੇਜਰ ਸ਼ਿਵਚਰਨ ਸਿੰਘ, ਗੁਰਮੁਖ ਸਿੰਘ, ਗੁਰਦੁਆਰਾ ਸ੍ਰੀ ਟੋਕਾ ਸਾਹਿਬ ਦੇ ਕੀਰਤਨੀ ਜਥੇ ਸਮੇਤ ਹੋਰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।