ਸਾਹਨੀ ਨੇ 30 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਪੰਜਾਬ ਦੇ ਰਾਜ ਸਭਾ ਮੈਂਬਰ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲਕਦਮੀ ਕੀਤੀ ਹੈ। ਅੱਜ ਸ੍ਰੀ ਸਾਹਨੀ ਨੇ 30 ਨੌਜਵਾਨਾਂ ਨੂੰ ਬੈਂਕ ਵਿੱਚ ਰੁਜ਼ਗਾਰ ਮੁਹੱਈਆ ਕਰਵਾਇਆ। ਇਨ੍ਹਾਂ ਨੌਜਵਾਨਾਂ ਨੂੰ ਅੱਜ ਇੱਥੇ ਪੰਜਾਬ ਭਵਨ ਵਿੱਚ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਰਹੇ। ਡਾ. ਸਾਹਨੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਬੈਂਕਿੰਗ, ਫਾਇਨਾਂਸ਼ੀਅਲ ਸਰਵਿਸਿਜ਼ ਅਤੇ ਇੰਸ਼ੋਰੈਂਸ (ਬੀਐੱਫਐੱਸਆਈ) ਸੈਕਟਰ ਸਕਿੱਲ ਕੋਰਸ ਨੂੰ ਪੂਰਾ ਕਰਨ ਮਗਰੋਂ ਸਫ਼ਲਤਾਪੂਰਵਕ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਆਈਐੱਫਐੱਮ ਫਿਨਕੋਚ ਦੇ ਸਹਿਯੋਗ ਨਾਲ ਸਨ ਫਾਊਂਡੇਸ਼ਨ ਵੱਲੋਂ ਸਕਿਲ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਸਿਖਲਾਈ ਦਿੱਤੀ ਗਈ। ਮਗਰੋਂ ਨੌਜਵਾਨਾਂ ਨੂੰ ਐਕਸਿਸ ਬੈਂਕ, ਯੈੱਸ ਬੈਂਕ, ਕੋਟਕ ਮਹਿੰਦਰਾ ਬੈਂਕ ਅਤੇ ਸਟਾਰ ਹੈਲਥ ਇੰਸ਼ੋਰੈਂਸ ਵਰਗੀਆਂ ਸੰਸਥਾਵਾਂ ਵਿੱਚ ਨਿਯੁਕਤ ਕੀਤਾ ਗਿਆ।
ਡਾ. ਸਾਹਨੀ ਨੇ ਕਿਹਾ ਕਿ ਪੰਜਾਬ ਦੇ 500 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵੱਖ-ਵੱਖ ਬੈਂਕਾਂ ਤੋਂ ਆਰਡਰ ਪ੍ਰਾਪਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਜਲਦ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫਤ ਪ੍ਰੋਗਰਾਮ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਬੈਂਕਾਂ ਵਿੱਚ ਨੌਕਰੀ ਪ੍ਰਾਪਤ ਕਰ ਸਕਦੇ ਹਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਦਿਆਰਥੀਆਂ ਤੇ ਸਨ ਫਾਊਂਡੇਸ਼ਨ ਨੂੰ ਇਸ ਕਾਰਜ ਲਈ ਵਧਾਈ ਦਿੱਤੀ।