ਸਾਹਨੀ ਵੱਲੋਂ ਸਾਕਾ ਨੀਲਾ ਤਾਰਾ ਦੇ ਦਸਤਾਵੇਜ਼ ਜਨਤਕ ਕਰਨ ਦੀ ਮੰਗ
ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੂਨ
ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸਾਕਾ ਨੀਲਾ ਤਾਰਾ ਦੇ ਨਾਲ ਸਬੰਧਤ ਸਾਰੇ ਦਸਤਾਵੇਜ਼ ਜਨਤਕ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫਤਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਪੀਲ ਕੀਤੀ ਹੈ। ਸ੍ਰੀ ਸਾਹਨੀ ਨੇ ਆਪਣੀ ਅਪੀਲ ਵਿੱਚ ਕਿਹਾ ਕਿ ਇਸ ਸਬੰਧੀ ਫਾਈਲਾਂ ਆਮ ਲੋਕਾਂ ਦੀ ਪਹੁੰਚ ਵਿਚ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਸਾਕਾ ਨੀਲਾ ਤਾਰਾ ਦੌਰਾਨ ਹੋਏ ਕਤਲੇਆਮ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ‘ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਹਜਾਰਾਂ ਸ਼ਰਧਾਲੂਆਂ ਦਾ ਕਤਲ, ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਦੀ ਭੰਨਤੋੜ, ਅਜਾਇਬ ਘਰ ਅਤੇ ਤੋਸ਼ਾਖਾਨੇ ਦੀ ਤਬਾਹੀ, ਵਿਰਾਸਤ ਅਤੇ ਇਤਿਹਾਸ ਨਾਲ ਸਬੰਧਤ ਗ੍ਰੰਥਾਂ ਅਤੇ ਰਿਕਾਰਡਾਂ ਨੂੰ ਨਸ਼ਟ ਕਰਨ ਦੇ ਨਾਲ ਮਨੁੱਖੀ ਅਧਿਕਾਰਾਂ ਦੀ ਸਭ ਤੋਂ ਵੱਡੀ ਉਲੰਘਣਾ ਸੀ। ਇਸ ਫੌਜੀ ਹਮਲੇ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜ਼ਰੂਰੀ ਹੈ ਕਿ ਸਬੰਧਤ ਸਾਰੇ ਦਸਤਾਵੇਜ਼ ਜਨਤਕ ਕੀਤੇ ਜਾਣ। ਇਸ ਫੌਜੀ ਅਪਰੇਸ਼ਨ ਦੇ ਪਿੱਛੇ ਦੀ ਸਚਾਈ ਦੀ ਜਾਣਕਾਰੀ ਹਾਸਿਲ ਕਰਨ ਲਈ 39 ਸਾਲ ਦਾ ਇੰਤਜ਼ਾਰ ਬਹੁਤ ਲੰਬਾ ਹੈ। ਉਨ੍ਹਾਂ ਨੇ ਦਸਤਾਵੇਜ਼ਾਂ ਨੂੰ ਜਨਤਕ ਕਰਨ ਅਤੇ ਦੋਸ਼ੀਆਂ ਨੂੰ ਜਵਾਬਦੇਹ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 39 ਸਾਲ ਪਹਿਲਾ ਜੋ ਕੁਝ ਵਾਪਰਿਆ ਸੀ , ਉਸਨੂੰ ਭੁੱਲਣਾ ਅਸੰਭਵ ਹੈ, ਪਰ ਦਸਤਾਵੇਜ਼ਾਂ ਦੇ ਜਨਤਕ ਹੋਣ ਨਾਲ ਸੱਚਾਈ ਸਾਹਮਣੇ ਆ ਜਾਵੇਗੀ। ਇ ਸ ਨਾਲ ਦੇਸ਼ ਅਤੇ ਦੁਨੀਆ ਨੂੰ ਪਤਾ ਲੱਗ ਜਾਵੇਗਾ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਇਸ ਮੰਦਭਾਗੀ ਕਾਰਵਾਈ ਲਈ ਕਿਹੜੀ ਸਾਜ਼ਿਸ਼ ਰਚੀ ਗਈ ਸੀ ਅਤੇ ਕਿਸ ਤਰ੍ਹਾਂ ਇਸ ਨੂੰ ਅੰਜਾਮ ਦਿੱਤਾ ਗਿਆ ਸੀ।